
ਕੋਟਕਪੂਰਾ 3 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਖਿਲਾਫ ਵੱਡੀ ਪੱਧਰ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਉੱਥੇ ਹੀ ਨਸ਼ਿਆਂ ਦੇ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬੱਚਿਆਂ, ਨੌਜਵਾਨਾਂ ਅਤੇ ਜਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬ੍ਰਹਮਾ ਕੁਮਾਰੀ ਇਸ਼ਵਰੀਏ ਵਿਸ਼ਵ ਵਿਦਿਆਲਿਆ ਕੋਟਕਪੂਰਾ ਤੋਂ ਨਸ਼ਾ ਮੁਕਤੀ ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ, ਉੱਥੇ ਹੀ ਇਸ ਨਾਲ ਸਾਡੇ ਪਰਿਵਾਰਕ ਰਿਸ਼ਤਿਆਂ ਤੇ ਵੀ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ ਅਤੇ ਨਸ਼ੇ ਦੇ ਸੌਦਾਗਰਾਂ ਤੇ ਕਾਨੂੰਨੀ ਕਾਰਵਾਈ ਦੇ ਨਾਲ ਨਾਲ ਉਨ੍ਹਾਂ ਦੀਆਂ ਨਜਾਇਜ਼ ਉਸਾਰੀਆਂ ਦੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ। ਇਸ ਮੌਕੇ ਬੀ.ਕੇ ਸੰਗੀਤਾ ਤੋਂ ਇਲਾਵਾ ਬ੍ਰਹਮਾ ਕੁਮਾਰੀ ਇਸ਼ਵਰੀਏ ਵਿਸ਼ਵ ਵਿਦਿਆਲਿਆ ਤੋਂ ਹੋਰ ਹਾਜ਼ਰ ਸਨ।