ਫ਼ਰੀਦਕੋਟ, 5 ਜੁਲਾਈ,2024 : ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਛੋਟੇ ਬੱਚਿਆਂ ਲਈ ਹੇਠ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ “ਡਾਇਰੀਆ ਦੀ ਰੋਕਥਾਮ, ਸਫਾਈ ਅਤੇ ਓ.ਆਰ.ਐਸ. ਨਾਲ ਰੱਖੋ ਆਪਣਾ ਧਿਆਨ” ਵਿਸ਼ੇ ਅਧੀਨ 1 ਜੁਲਾਈ ਤੋਂ 31 ਅਗਸਤ ਤੱਕ ਚੱਲੇਗੀ। ਇਸ ਮੁਹਿੰਮ ਦਾ ਟੀਚਾ ਬੱਚਿਆਂ ਨੂੰ ਹੋਣ ਵਾਲੇ ਡਾਇਰੀਆ ਦੇ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਘੱਟ ਕਰਦੇ ਹੋਏ ਜ਼ੀਰੋ ਬਾਲ ਮੌਤ ਦਰ ਤੱਕ ਪਹੁੰਚਣਾ ਹੈ। ਉਹਨਾਂ ਦੱਸਿਆ ਕਿ ਬਚਪਨ ਵਿੱਚ ਹੋਣ ਵਾਲਾ ਡਾਇਰੀਆ ਜੋ ਕਿ ਇਲਾਜ ਯੋਗ ਹੈ ਫਿਰ ਵੀ ਇਸ ਬਿਮਾਰੀ ਦੇ ਕਾਰਨ ਕਈ ਜਾਨਾਂ ਚਲੀਆਂ ਜਾਂਦੀਆਂ ਹਨ। ਉਹਨਾਂ ਵੱਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤ ਵਿਭਾਗ ਨੂੰ ਵੀ ਸਿਹਤ ਵਿਭਾਗ ਦਾ ਸਹਿਯੋਗ ਕਰਨ ਲਈ ਹਦਾਇਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤਮੰਦ ਬੱਚੇ ਹੀ ਸਿਹਤਮੰਦ ਰਾਸ਼ਟਰ ਦਾ ਨਿਰਮਾਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਡਾਇਰੀਆ ਦੀ ਰੋਕਥਾਮ ਲਈ ਅਣਥੱਕ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਓਆਰਐੱਸ ਦੇ ਪੈਕਟ ਅਤੇ ਜ਼ਿੰਕ ਦੀਆਂ ਗੋਲੀਆਂ ਉਪਲੱਬਧ ਕਰਵਾਉਣ ਤੋਂ ਇਲਾਵਾ ਸਵੱਛਤਾ ਅਤੇ ਡਾਇਰੀਆ ਰੋਕਥਾਮ ਲਈ ਜਾਗਰੂਕ ਕਰਨ ਦੀ ਹਦਾਇਤ ਵੀ ਕੀਤੀ। ਡਾ. ਵਰਿੰਦਰ ਕੁਮਾਰ ਜਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਪਹਿਲਾਂ ਸਰਕਾਰ ਡਾਇਰੀਆ ਨੂੰ ਘੱਟ ਕਰਨ ਲਈ ਪੰਦਰਵਾੜਾ ਚਲਾਉਂਦੀ ਸੀ, ਜਿਸ ਨੂੰ ਹੁਣ ਇੱਕ ਵਿਆਪਕ ਅਤੇ ਵੱਡੀ ਮੁਹਿੰਮ ਵਿੱਚ ਬਦਲ ਦਿੱਤਾ ਗਿਆ ਹੈ ਜੋ ਕਿ 2 ਮਹੀਨੇ ਤੱਕ ਚੱਲੇਗੀ। ਉਹਨਾਂ ਦੱਸਿਆ ਕਿ 1 ਜੁਲਾਈ ਤੋਂ 14 ਜੁਲਾਈ ਤੱਕ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਸਾਫ ਸਫਾਈ ਅਤੇ ਹੱਥ ਧੋਣ ਦੇ ਤਰੀਕਿਆਂ ਬਾਰੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ 15 ਜੁਲਾਈ ਤੋਂ 15 ਅਗਸਤ ਤੱਕ ਸਿਹਤ ਵਰਕਰਾਂ ਵੱਲੋਂ ਘਰ-ਘਰ ਜਾ ਕੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ 2 ਓ.ਆਰ.ਐਸ. ਦੇ ਪੈਕਟ ਅਤੇ ਜ਼ਿੰਕ ਦੀ ਖੁਰਾਕ ਵੰਡੀ ਜਾਵੇਗੀ ਅਤੇ 16 ਤੋਂ 31 ਅਗਸਤ ਤੱਕ ਡਾਇਰੀਆ ਕੇਸਾਂ ਦਾ ਫਾਲੋਅੱਪ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਵੀ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਅਤੇ ਸਕੂਲਾਂ ਵਿੱਚ ਦਸਤ ਰੋਕੂ ਮੁਹਿੰਮ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਚਾਰ ਦੇ ਵੱਖ ਵੱਖ ਸਾਧਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਜੋ ਆਮ ਲੋਕ ਤੱਕ ਇਸ “ਦਸਤ ਰੋਕੂ ਮੁਹਿੰਮ” ਦੀ ਮਹੱਤਤਾ ਸੰਬੰਧੀ ਸੰਦੇਸ਼ ਘਰ ਘਰ ਤੱਕ ਪਹੁੰਚ ਸਕੇ ।