ਲੁਧਿਆਣਾ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਅਗਾਂਹਵਧੂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਭੱਠਾ ਧੂਆ, ਹੰਬੜਾਂ, ਕੋਟਲੀ, ਬਣੀਏਵਾਲ, ਵਲੀਪੁਰ ਖੁਰਦ, ਵਲੀਪੁਰ ਕਲਾਂ ਅਤੇ ਨੇੜਲੇ ਪਿੰਡਾਂ ਵਿੱਚ ਪਰਾਲੀ ਸਾੜਨ ਦੀ ਰਿਵਾਇਤ ਤੋਂ ਪਾਸਾ ਵੱਟਦਿਆਂ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਬਿਨ੍ਹਾਂ ਸਾੜੇ ਨਿਪਟਾਰਾ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕੀਤੀ ਹੈ। ਇਨ੍ਹਾਂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਸਾਂਭਣ ਲਈ ਬੇਲਣ ਵਾਲੇ ਉਦਮੀਆਂ ਨਾਲ ਰਾਬਤਾ ਕੀਤਾ ਗਿਆ ਜਿਹੜੇ ਕਿ ਝੋਨੇ ਦੀ ਪਰਾਲੀ ਨੂੰ ਗੱਤਾ ਮਿਲਾਂ, ਬਾਲਣ ਅਤੇ ਬਿਜਲੀ ਬਣਾਉਣ ਲਈ ਅੱਗੇ ਸਪਲਾਈ ਕਰਦੇ ਹਨ। ਬੇਲਣ ਦੀ ਵਰਤੋਂ ਨਾਲ ਜਿੱਥੇ ਪਰਾਲੀ ਸਾਂਭਣ ਨੂੰ ਸਮਾਂ ਘੱਟ ਲੱਗਦਾ ਹੈ ਉੱਥੇ ਹੀ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਕਣਕ ਦੀ ਬਿਜਾਈ ਵੀ ਜਲਦ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਮਾੜੀ ਪ੍ਰਥਾ ਦਾ ਤਿਆਗ ਕੀਤਾ ਹੈ ਅਤੇ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਸਮਾਜਿਕ ਜਿੰਮੇਵਾਰੀ ਵੀ ਨਿਭਾਈ ਹੈ। ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਅਜਿਹੀ ਵਿਧੀ ਅਪਣਾਉਣ ਲਈ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਰਾਲੀ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਵਾਲੇ ਕਿਸਾਨਾਂ ਦੀ ਗਿਣਤੀ ਵਿੱਚ ਇਜਾਫਾ ਹੋ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਤੋਂ ਗੁਰੇਜ਼ ਕਰਨਾ ਹੀ ਸਾਡੇ ਗੁਰੂਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ ਦਾ ਸੰਦੇਸ਼ ਲੋਕਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਣ ਲਈ ਖ਼ਤਰੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਪ੍ਰਸਾਰਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਅਤੇ ਹੋਰ ਸੂਖਮ ਤੱਤ ਨਸ਼ਟ ਹੋ ਜਾਂਦੇ ਹਨ ਜਦੋਂਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅਤਿ-ਆਧੁਨਿਕ ਉਪਕਰਨਾਂ ਦੀ ਮਦਦ ਨਾਲ ਮਿੱਟੀ ਵਿੱਚ ਹੀ ਵੱਢਿਆ ਜਾਵੇ ਤਾਂ ਇਸ ਦੀ ਸਿਹਤ ਵਿੱਚ ਬਹੁਤ ਸੁਧਾਰ ਹੁੰਦਾ ਹੈ।