
- ਕੈਬਨਿਟ ਮੰਤਰੀ ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ
ਫਰੀਦਕੋਟ 2 ਦਸੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 2024 ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮਾਗਮ ਵਿੱਚ ਲੱਗੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨੇਪਰੇ ਚਾੜ੍ਹਨ ਸਬੰਧੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਅੱਗ ਦੱਸਿਆ ਕਿ ਫਰੀਦਕੋਟ ਵਿਖੇ ਅੰਤਰਰਾਸਟਰੀ ਦਿਵਿਆਂਗ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸਰਵਉੱਤਮ ਕਰਮਚਾਰੀ, ਸਰਵਉੱਤਮ ਰੁਜ਼ਗਾਰਦਾਤਾ, ਸਰਵਉੱਤਮ ਖਿਡਾਰੀ ਅਤੇ ਸਰਵਉੱਤਮ ਸੰਸਥਾ ਜਾਂ ਦਿਵਿਆਂਗਜਨਾਂ ਵਜੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਹਰੇਕ ਪੁਰਸਕਾਰ ਜੇਤੂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 10,000 ਰੁਪਏ ਦਾ ਨਕਦ ਇਨਾਮ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਵੇਗਾ।