
- ਬਿਕਰਮਜੀਤ ਸਿੰਘ ਖਾਲਸਾ ਨੇ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਕੀਤੀ ਸ਼ਰਧਾਂਜਲੀ ਭੇਟ
ਰਾਏਕੋਟ, 23 ਅਪ੍ਰੈਲ (ਰਘਵੀਰ ਸਿੰਘ ਜੱਗਾ) : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸਾਬਕਾ ਵਿਧਾਇਕ, ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਮੈਂਬਰ ਲੋਕ ਸੇਵਾ ਕਮਿਸ਼ਨ ਬਿਕਰਮਜੀਤ ਸਿੰਘ ਖਾਲਸਾ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਇਸ ਕਾਇਰਤਾਪੂਰਨ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਸਿੱਧਾ ਹਮਲਾ ਦੱਸਿਆ ਹੈ। ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਸ ਹਮਲੇ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਇਹ ਸਿਰਫ਼ ਮਨੁੱਖਤਾ ਦਾ ਦੁਸ਼ਮਣ ਹੈ। ਉਨ੍ਹਾਂ ਨੇ ਇਸ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਬਿਕਰਮਜੀਤ ਸਿੰਘ ਖਾਲਸਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਮਲੇ ਲਈ ਜ਼ਿੰਮੇਵਾਰ ਅੱਤਵਾਦੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਦੇਸ਼ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖੀ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਸਮਾਜਿਕ ਸਦਭਾਵਨਾ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਅੱਤਵਾਦ ਵਿਰੁੱਧ ਇੱਕਜੁੱਟ ਖੜ੍ਹਾ ਹੈ ਅਤੇ ਅਜਿਹੇ ਹਮਲੇ ਸਾਡੇ ਮਨੋਬਲ ਨੂੰ ਨਹੀਂ ਤੋੜ ਸਕਦੇ।