
ਸ੍ਰੀ ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਕੋਈ ਘਾਟ ਨਹੀਂ ਹੈ ਅਤੇ ਕਿਸਾਨਾਂ ਦੀ ਮੰਗ ਤੋਂ ਵੱਧ ਯੂਰੀਏ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ 84.1 ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਜਦੋਂ ਕਿ 10.6 ਹਜ਼ਾਰ ਹੈਕਟੇਅਰ ਰਕਬੇ ਵਿੱਚ ਦੂਜੀਆਂ ਫਸਲਾਂ ਬੀਜੀਆਂ ਜਾਂਦੀਆਂ ਹਨ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਖੇਤੀ ਮਾਹਰਾਂ ਦੀ ਸਿਫਾਰਸ਼ ਅਨੁਸਾਰ ਜ਼ਿਲ੍ਹੇ ਵਿੱਚ ਰੱਬੀ ਸੀਜ਼ਨ 2024-25 ਲਈ 33216 ਟਨ ਯੂਰੀਏ ਦੀ ਲੋੜ ਸੀ ਜਦੋਂ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ 33806 ਮੀਟਰਿਕ ਟਨ ਯੂਰੀਏ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਕਿਸਾਨਾਂ ਨੂੰ ਯੂਰੀਆ ਖਾਦ ਦੇ ਨਾਲ ਹੋਰ ਕੋਈ ਅਣਲੋੜੀਂਦੀਆਂ ਵਸਤਾਂ ਜਬਰਦਸਤੀ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਡਾ: ਧਰਮਿੰਦਰਜੀਤ ਸਿੰਘ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਦ੍ਰਿੜਤਾ ਨਾਲ ਕਾਰਜਸ਼ੀਲ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਰਾਂ ਦੀ ਸਿਫਾਰਸ਼ ਅਨੁਸਾਰ ਹੀ ਯੂਰੀਆ ਦੀ ਵਰਤੋਂ ਕੀਤੀ ਜਾਵੇ ਅਤੇ ਬੇਲੋੜੀਆਂ ਖਾਦਾਂ ਪਾਉਣ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਹੁਣ ਦਾਣੇਦਾਰ ਯੂਰੀਆ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਫਸਲਾਂ `ਤੇ 3 ਫੀਸਦੀ ਯੂਰੀਏ ਦਾ ਸਪਰੇਅ ਕਰਨ ਨਾਲ ਹੀ ਯੂਰੀਆ ਦੀ ਕਮੀ ਪੂਰੀ ਹੋ ਜਾਵੇਗੀ।