ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਤੰਬਾਕੂ : ਡੀਆਈਓ ਡਾ ਰਾਜੇਸ਼ ਕੁਮਾਰ 

ਸ੍ਰੀ ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਸਿਹਤ ਕੇਂਦਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਅਫਸਰਾਂ ਅਤੇ ਦੰਦਾਂ ਦੇ ਡਾਕਟਰਾਂ ਨੂੰ ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜਨਰੇਸ਼ਨ ਸੇਵੀਅਰ ਸੰਸਥਾ ਦੇ ਸਹਿਯੋਗ ਨਾਲ ਕੋਟਪਾ ਸੰਬੰਧੀ ਦੋ ਰੋਜਾ ਸਿਖਲਾਈ ਦਿੱਤੀ ਗਈ । ਸਿਖਲਾਈ ਦੌਰਾਨ ਸੰਬੋਧਨ ਕਰਦਿਆਂ ਡਾ ਰਾਜੇਸ਼ ਕੁਮਾਰ ਨੇ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ ਹੋ ਸਕਦਾ ਹੈ, 95 ਫੀਸਦੀ ਮੂੰਹ ਦਾ ਕੈਂਸਰ ਤੰਬਾਕੂ ਦੇ ਸੇਵਨ ਨਾਲ ਹੁੰਦਾ ਹੈ ਅਤੇ ਦੇਸ਼ ਅੰਦਰ ਲਗਭਗ 13.5 ਲੱਖ ਤੋਂ ਵੱਧ ਲੋਕਾਂ ਦੀ ਮੌਤ ਦਾ ਕਾਰਨ ਤੰਬਾਕੂ ਬਣਦਾ ਹੈ। ਉਹਨਾਂ ਕਿਹਾ ਕਿ ਜਾਗਰੂਕ ਹੋਕੇ ਇਹਨਾਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ। ਜਨਰੇਸ਼ਨ ਸੇਵੀਅਰ ਸੰਸਥਾ ਤੋਂ ਵਿਸ਼ੇਸ਼ ਤੌਰ ਤੇ ਸਿਖਲਾਈ ਦੇਣ ਲਈ ਆਏ ਐਡਵੋਕੇਟ ਗੁਰਪ੍ਰੀਤ ਸਿੰਘ ਅਤੇ ਐਡਵੋਕੇਟ ਗਗਨਦੀਪ ਕੌਰ ਨੇ ਕਿਹਾ ਕਿ ਸਿਹਤ ਕੇਂਦਰਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ , ਐਕਟਿਵ ਤੇ ਪੈਸਿਵ ਸਮੋਕਿੰਗ, ਤੰਬਾਕੂ ਛੁਡਾਉਣ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਆਦਿ ਸਬੰਧੀ ਜਾਗਰੂਕ ਕੀਤਾ ਜਾਵੇ। ਉਹਨਾਂ ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ, ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਆਦਿ ਤੇ ਲੱਗਣ ਵਾਲੀਆਂ ਵੱਖ-ਵੱਖ ਧਾਰਾਵਾਂ ਤਹਿਤ ਚਲਾਨ ਕਰਨ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ। ਉਹਨਾਂ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਤੇ ਜ਼ੋਰ ਦਿੱਤਾ ਤਾਂਕਿ ਤੰਬਾਕੂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਘਟਾਇਆ ਜਾ ਸਕੇ । ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਟਪਾ ਦੀ ਉਲੰਘਨ ਕਰਨ ਵਾਲੇ ਦੁਕਾਨਦਾਰਾਂ /ਵਿਅਕਤੀਆਂ ਦੇ ਲਗਾਤਾਰ ਚਲਾਨ ਕੀਤੇ ਜਾ ਰਹੇ, ਭਵਿੱਖ ਵਿੱਚ ਇਸ ਐਕਟ ਨੂੰ ਹੋਰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਜਸਵਿੰਦਰ ਕੌਰ, ਡੀਪੀਐਮ ਕਸੀਤਿਜ ਸੀਮਾ, ਬੀਸੀਸੀ ਅਮਰਜੀਤ ਸਿੰਘ ਤੋਂ ਇਲਾਵਾ ਸਮੂਹ ਸੀ.ਐਚ.ਓਜ਼ ਅਤੇ ਡੈਂਟਲ ਡਾਕਟਰ ਹਾਜ਼ਰ ਸਨ ।