ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ, ਗਲਾਡਾ ਦੇ ਮੁੱਖ ਪ੍ਰਸਾਸ਼ਕ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਨਾਲ ਸਥਾਨਕ ਸਰਾਭਾ ਨਗਰ, ਨਿਗਮ ਦੇ ਜੋਨ-ਡੀ ਦਫ਼ਤਰ ਵਿਖੇ ਸੰਯੁਕਤ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਪ੍ਰੋਜੈਕਟਾਂ 'ਤੇ ਵਿਚਾਰ ਵਟਾਂਦਰੇ ਕੀਤੇ ਅਤੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਗਲਾਡਾ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਵਿਧਾਇਕ ਸਿੱਧੂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕਾ ਵਾਸੀ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਟੁੱਟੀਆਂ ਸੜ੍ਹਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਇਲਾਕਾ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਔਕੜਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਥਾਂ-ਥਾਂ ਸੜ੍ਹਕਾਂ 'ਤੇ ਪਏ ਟੋਏ ਅਕਸਰ ਹਾਦਸਿਆਂ ਨੂੰ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਉਹ ਹਲਕਾ ਨਿਵਾਸੀਆਂ ਦੀ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦੇ ਵਸਨੀਕਾਂ ਵੱਲੋਂ ਉਨ੍ਹਾਂ 'ਤੇ ਭਰੋਸਾ ਕਰਦਿਆਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਹੁਣ ਉਹ ਇਲਾਕਾ ਵਾਸੀਆਂ ਦੇ ਵਿਸ਼ਵਾਸ਼ ਨੂੰ ਕਾਇਮ ਰੱਖਦਿਆਂ ਅਣਥੱਕ ਮਿਹਨਤ ਰਾਹੀਂ ਜਲਦ ਹੀ ਹਲਕੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾ ਕਿਹਾ ਕਿ ਸੂਬੇ ਵਿੱਚ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਹੈ ਜਿਸਨੇ ਪ੍ਰਣ ਕੀਤਾ ਹੈ ਕਿ ਹੁਣ ਹਲਕੇ ਦੇ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਸਨੀਕਾਂ ਨੂੰ ਹਰ ਸੰਭਵ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।