- ਕੈਂਪ ਦੌਰਾਨ ਪਿੰਡ ਕੁਤਬਾ, ਬਾਹਮਣੀਆਂ, ਲੋਹਗੜ੍ਹ ਅਤੇ ਨਿਹਾਲੂਵਾਲ ਦੇ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤਾ ਜਾਵੇਗਾ
ਬਰਨਾਲਾ, 25 ਜੂਨ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਤਹਿਤ 28 ਜੂਨ ਨੂੰ ਪਿੰਡ ਕੁਤਬਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਪਿੰਡ ਕੁਤਬਾ, ਬਾਹਮਣੀਆਂ, ਲੋਹਗੜ੍ਹ ਅਤੇ ਨਿਹਾਲੂਵਾਲ ਦੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਰਾਹੀਂ ਮਿਲਣ ਵਾਲੇ ਫਾਇਦੇ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਨਾਲ ਲੋਕਾਂ ਨੂੰ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਸ਼ਹਿਰਾਂ ‘ਚ ਜਾਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਉੱਪ ਮੰਡਲ ਮਹਿਲ ਕਲਾਂ ਦਾ ਕੈਂਪ 28 ਜੂਨ ਨੂੰ ਲਗਾਇਆ ਜਾ ਰਿਹਾ ਹੈ ਅਤੇ ਇਸੇ ਤਰ੍ਹਾਂ ਹਰ ਹਫ਼ਤੇ ਵੱਖ ਵੱਖ ਥਾਵਾਂ ਉੱਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਕੈਂਪ ਦੌਰਾਨ ਲਾਭਪਾਤਰੀਆਂ ਸਬੰਧੀ ਆਪਣਾ ਡਾਟਾ ਅਤੇ ਕਾਗਜ਼ਾਤ ਨਾਲ ਲੈ ਕੇ ਆਉਣ। ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਹਰ ਇੱਕ ਵਿਭਾਗ ਦੇ ਸਟਾਲ ਉੱਤੇ ਵਿਭਾਗ ਦਾ ਨਾਂ ਅਤੇ ਵੇਰਵੇ ਸਪੱਸ਼ਟ ਰੂਪ ‘ਚ ਲਿਖੇ ਜਾਣ ਤਾਂ ਜੋ ਕੈਂਪ ਵਿਖੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਮਨਜੀਤ ਸਿੰਘ, ਉੱਪ ਮੰਡਲ ਮਜਿਸਟ੍ਰੇਟ ਮਹਿਲ ਕਲਾਂ ਸਤਵੰਤ ਸਿੰਘ, ਉੱਪ ਮੰਡਲ ਮੈਜਿਸਟਰੇਟ ਬਰਨਾਲਾ ਵਰਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।