ਮਾਲੇਰਕੋਟਲਾ 31 ਜੁਲਾਈ, 2024 : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੋਹਰੀ ਮੈਂਬਰ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਨੂੰ ਮਜਬੂਤ ਕਰਨ ਤੇ ਅਕਾਲੀ ਦਲ ਸੋਚ ਨੂੰ ਪ੍ਰਚੰਡ ਕਰਨ ਲਈ ਤੁਰੇ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਣ ਉੱਪਰ ਤਿੱਖੀ ਪ੍ਰਤਿਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਤਾਂ ਅਕਾਲੀ ਵਰਕਰ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਕਰ ਚੁੱਕੇ ਹਨ। ਢੀਂਡਸਾ ਨੇ ਕਿਹਾ ਕਿ, ਅਸੀਂ ਸੁਖਬੀਰ ਸਿੰਘ ਬਾਦਲ ਦੇ ਗੁਲਾਮ ਨਹੀਂ ਹਾਂ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਸਾਹਿਬ ਦੇ ਸਿੱਖ ਪੰਥ ਵਿਰੋਧੀ ਡੇਰਾ ਮੁਖੀ ਨਾਲ ਮਿਲ ਕੇ ਕੀਤੇ ਕਾਰਨਾਮਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਹ ਪੈਂਤੜਾ ਖੇਡਣ ਦਾ ਅਸਫਲ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਸੁਧਾਰ ਦੀ ਗੱਲ ਕਰ ਰਹੇ ਆਗੂਆਂ ਨੂੰ ਪਾਰਟੀ ਤੋਂ ਬਾਹਰ ਕਰਕੇ ਸੁਖਬੀਰ ਨੇ ਆਪਣੀ ਬੁਖਲਾਹਟ ਜੱਗ ਜਾਹਿਰ ਕੀਤੀ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਸੋਚ ਨੂੰ ਪ੍ਰਚੰਡ ਕਰਨ ਲਈ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਮਜਬੂਤ ਕਰਨ ਲਈ ਜੁੜ ਰਹੇ ਹਨ ਜਿਸ ਦੇ ਨਤੀਜੇ ਆਉਣ ਵਾਲੇ ਦਿਨਾਂ ਵਿੱਚ ਸੱਭ ਦੇ ਸਾਹਮਣੇ ਜੱਗ ਜਾਹਰ ਹੋ ਜਾਣਗੇ ।