ਚੰਡੀਗੜ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਤੰਬਰ ਮਹੀਨੇ ‘ਚ ਪਿਛਲੇ ਸਾਲ ਦੇ ਮੁਕਾਬਲੇ 18.50 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਸਤੰਬਰ ਤੋਂ 30 ਸਤੰਬਰ 2022 ਤੱਕ ਖਜ਼ਾਨੇ ਵਿਚ 301 ਕਰੋੜ 65 ਲੱਖ 64 ਹਜ਼ਾਰ 956 ਰੁਪਏ ਦੀ ਆਮਦਨ ਆਈ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਦੇ ਸਤੰਬਰ ਮਹੀਨੇ ਨਾਲੋਂ ਇਹ ਆਮਦਨ 18.50 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਹ ਆਮਦਨ 254 ਕਰੋੜ 54 ਲੱਖ 23 ਹਜ਼ਾਰ 153 ਰੁਪਏ ਸੀ। ਜਿੰਪਾ ਨੇ ਕਿਹਾ ਕਿ ਅਗਸਤ ਮਹੀਨੇ ਵਿਚ ਵੀ ਪਿਛਲੇ ਸਾਲ ਦੇ ਮੁਕਾਬਲੇ 21.87 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਵੇਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ ਅਤੇ ਉਹ ਖੁਦ ਵੀ ਦਫਤਰਾਂ ਦਾ ਦੌਰਾ ਕਰਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ। ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਪਿਛਲੇ 7 ਮਹੀਨਿਆਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ ਅਤੇ ਉਸ ਖਿਲਾਫ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ।