ਗੁਰਦਾਸਪੁਰ 4 ਅਪ੍ਰੈਲ : ਗੁਰਦਾਸਪੁਰ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਵੀਰਵਾਰ ਸਵੇਰੇ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਦੋ ਨੌਜਵਾਨ ਦੋਸਤ ਅੰਮ੍ਰਿਤਸਰ ਨੂੰ ਦਵਾਈ ਲੈਣ ਲਈ ਘਰੋਂ ਗਏ ਸਨ, ਕਿ ਰਸਤੇ ਵਿੱਚ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰ ਅਨੁਸਾਰ ਦੋਵੇਂ ਦੋਸਤ ਤਕਰੀਬਨ ਸਵੇਰੇ 11 ਵਜੇ ਘਰੋਂ ਨਿਕਲੇ ਸਨ, ਜਦੋਂ ਉਹ ਪਿੰਡ ਲਖਨਪਾਲ ਨਜਦੀਕ ਪੁੱਜੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਇੱਕ ਖੰਭੇ ਨਾਲ ਟਕਰਾ ਗਿਆ, ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਅਤੇ ਸੰਦੀਪ ਕੁਮਾਰ ਵਾਸੀ ਪੁਰਸ਼ੋਤਮ ਪਿੰਡ ਕਰਵਲ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੰਦੀਪ ਕੁਮਾਰ ਨੇ ਅੰਮ੍ਰਿਤਸਰ ਵਿਖੇ ਦਵਾਈ ਲੈਣ ਜਾਣਾ ਸੀ। ਉਸ ਦਾ ਦੋਸਤ ਲਵਪ੍ਰੀਤ ਸਿੰਘ ਵੀ ਉਸ ਦੇ ਨਾਲ ਮੋਟਰਸਾਈਕਲ ’ਤੇ ਅੰਮ੍ਰਿਤਸਰ ਜਾਣ ਲਈ ਤਿਆਰ ਹੋ ਗਿਆ। ਦੋਵੇਂ ਦੋਸਤ ਸਵੇਰੇ 11 ਵਜੇ ਮੋਟਰਸਾਈਕਲ ’ਤੇ ਅੰਮ੍ਰਿਤਸਰ ਜਾਣ ਲਈ ਘਰੋਂ ਨਿਕਲੇ ਸਨ, ਕਿ ਰਸਤੇ ਇੱਚ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਖੰਭੇ ਨਾਲ ਜਾ ਟਕਰਾਇਆ। ਹਾਦਸੇ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਐਂਬੂਲੈਂਸ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਇੱਥੇ ਡਾਕਟਰਾਂ ਨੇ ਲਵਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਸੰਦੀਪ ਕੁਮਾਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਕੁਝ ਸਮੇਂ ਬਾਅਦ ਸੰਦੀਪ ਕੁਮਾਰ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਲਾਸ਼ਾਂ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।