ਚੰਡੀਗੜ੍ਹ, 21 ਮਾਰਚ : ਅੰਮ੍ਰਿਤਪਾਲ ਮਾਮਲੇ ‘ਚ ਅੱਜ ਸ਼ਾਮੀਂ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਦੀ ਭਾਲ ਜਾਰੀ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਨੂੰ ਇੱਕ ਬਰੇਜਾ ਕਾਰ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਨੂੰ ਭਜਣ ਵਿੰਚ ਮਦਦ ਕਰਨ ਵਾਲੇ 4 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ ਅਤੇ ਗੁਰਭੇਜ ਸਿੰਘ ਤੇਜਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੰਗਲ ਅੰਬੀਆਂ ਪਿੰਡ ਵਿੱਚ ਗੁਰਦੁਆਰਾ ਸਾਹਿਬ ਵਿਖੇ ਗਿਆ ਸੀ, ਜਿੱਥੇ ਉਸਨੇ ਕੱਪੜੇ ਬਦਲੇ ਸਨ। ਇੱਥੋਂ ਉਹ ਪੈਟ ਸ਼ਰਟ ਪਾ ਕੇ ਨਿਕਲ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਅਰਾਜਕਤਾ ਫੈਲਾਉਣ ਵਾਲੇ ਵਿਅਕਤੀਆਂ ਨੂੰ ਫੜ੍ਹਨ ਲਈ ਹਰ ਵਿਅਕਤੀ ਦੇ ਸਹਿਯੋਗ ਦੀ ਲੋੜ ਹੈ।ਹਰ ਕੋਈ ਆਪਣਾ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਪੁਲਿਸ ਨੇ ਹੁਣ ਤੱਕ 154 ਵਿਅਕਤੀ ਗ੍ਰਿਫਤਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖਿਲਾਫ ਐਨਐਸਏ ਲਗਾਇਆ ਗਿਆ ਹੈ ਤੇ ਉਸ ਖਿਲਾਫ ਗੈਰ ਜ਼ਮਾਨਤੀ ਵਰੰਟ ਵੀ ਜਾਰੀ ਕੀਤਾ ਗਿਆ ਹੈ।