ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਮੈਂਬਰਸ਼ਿਪ ਰਹੇਗੀ ਬਰਕਰਾਰ

ਚੰਡੀਗੜ੍ਹ, 12 ਮਾਰਚ 2025 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (HC) ਤੋਂ ਰਾਹਤ ਨਹੀਂ ਮਿਲੀ ਹੈ। ਉਹ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ, ਕੋਰਟ ਨੇ ਅੰਮ੍ਰਿਤਪਾਲ ਨੂੰ ਇਜਲਾਸ ’ਚ ਸ਼ਾਮਿਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਹਾਲਾਂਕਿ, ਸੰਸਦ ਵੱਲੋਂ ਛੁੱਟੀ ਮਨਜ਼ੂਰ ਕੀਤੇ ਜਾਣ ਤੋਂ ਬਾਅਦ, ਹਾਈ ਕੋਰਟ ਨੇ ਉਹਨਾਂ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਵੀ ਬਰਕਰਾਰ ਰਹੇਗੀ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਵਲੋਂ ਸੰਸਦ ਦੇ ਇਜਲਾਸ ਵਿਚ ਸ਼ਾਮਿਲ ਹੋਣ ਸੰਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।