ਚੰਡੀਗੜ੍ਹ, 7 ਅਗਸਤ 2024 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਬਦਨਾਮ ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ਵਿੱਚ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ ਦਾ ਪਹਿਲਾ ਇੰਟਰਵਿਊ ਪੰਜਾਬ ਦੇ ਖਰੜ ਵਿੱਚ ਪੁਲਿਸ ਹਿਰਾਸਤ ਵਿੱਚ ਹੋਇਆ ਸੀ। ਜਦੋਂਕਿ ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਵਿੱਚ ਹੋਈ ਸੀ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। ਐੱਸਆਈਟੀ ਨੇ ਇਹ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਸੀ। ਜਿਸ ਨੂੰ ਬੁੱਧਵਾਰ ਨੂੰ ਜਨਤਕ ਕੀਤਾ ਗਿਆ। ਰਿਪੋਰਟ ਦੇ ਹੋਰ ਤੱਥਾਂ ਦੀ ਉਡੀਕ ਹੈ। ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਆਪਣੇ ਦੂਜੇ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਕਰਨ ਦਾ ਸਬੂਤ ਵੀ ਦਿੱਤਾ ਸੀ। ਲਾਰੈਂਸ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਉਸਨੂੰ ਅਹਿਮਦਾਬਾਦ ਦੇ ਸਾਬਰਮਤੀ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਹਾਲ ਹੀ 'ਚ ਈਦ ਦੀ ਵਧਾਈ ਨੂੰ ਲੈ ਕੇ ਪਾਕਿਸਤਾਨੀ ਡਾਨ ਨਾਲ ਉਸ ਦੀ ਵੀਡੀਓ ਕਾਲ ਦੀ ਰਿਕਾਰਡਿੰਗ ਵੀ ਵਾਇਰਲ ਹੋਈ ਸੀ।