
ਬਠਿੰਡਾ, 27 ਦਸੰਬਰ 2024 : ਬਠਿੰਡਾ ਦੇ ਤਲਵੰਡੀ ਸਾਬੋ ਰੋਡ ਤੇ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਤੇਜ਼ ਮੀਂਹ ਕਾਰਨ ਇਹ ਹਾਦਸਾ ਵਾਪਰਿਆ ਹੈ। ਰੇਲਿੰਗ ਨਾ ਹੋਣ ਦੇ ਚੱਲਦਿਆਂ ਬੱਸ ਪੁਲ ਤੋਂ ਥੱਲੇ ਡਿੱਗ ਗਈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਇੱਕ ਨਿੱਜੀ ਕੰਪਨੀ ਦੀ ਹੈ ਜੋ ਕਿ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਾਣਕਾਰੀ ਦੇ ਮੁਤਾਬਿਕ ਇਹ ਨਿੱਜੀ ਬੱਸ ਸਰਦੂਲਗੜ੍ਹ ਤੋਂ ਬਠਿੰਡਾ ਆ ਰਹੀ ਸੀ ਤੇ ਇਸ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਕਰੀਬ ਇੱਕ ਦਰਜਨ ਸਵਾਰੀਆਂ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਜਖ਼ਮੀਆਂ ਵਿੱਚ ਚਾਰ ਤੋਂ ਪੰਜ ਬੱਚੇ ਵੀ ਸ਼ਾਮਲ ਹਨ। ਹਾਲਾਂਕਿ ਇਹ ਬੱਸ ਕਿਵੇਂ ਪੁਲ ਤੋਂ ਨਾਲੇ ’ਚ ਡਿੱਗੀ ਇਸ ਦਾ ਕਾਰਨ ਅਜੇ ਸਪਸ਼ਟ ਨਹੀਂ ਹੋ ਸਕਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ 'ਆਪ' ਵਿਧਾਇਕ ਜਗਰੂਪ ਸਿੰਘ ਗਿੱਲ ਮੌਕੇ 'ਤੇ ਪਹੁੰਚ ਗਏ। ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ- ਇਹ ਘਟਨਾ ਬਹੁਤ ਹੀ ਦੁਖਦਾਈ ਹੈ। 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦਕਿ ਬਾਕੀ ਲੋਕਾਂ ਦੀ ਹਸਪਤਾਲ 'ਚ ਮੌਤ ਹੋ ਗਈ। ਜ਼ਖਮੀਆਂ ਦੇ ਬਿਹਤਰ ਇਲਾਜ ਲਈ ਸੀ.ਐਮ.ਓ ਨੂੰ ਆਦੇਸ਼ ਦਿੱਤੇ ਗਏ ਹਨ। ਲੋਕਾਂ ਦੀ ਆਰਥਿਕ ਮਦਦ ਲਈ ਡੀਸੀ ਸਾਹਿਬ ਨਾਲ ਗੱਲ ਕੀਤੀ ਜਾਵੇਗੀ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਸਾਰੇ ਜ਼ਖਮੀ ਜਲਦੀ ਠੀਕ ਹੋ ਜਾਣ। ਘਟਨਾ ਸਥਾਨ ’ਤੇ ਪੁੱਜੇ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰ੍ਹੇ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਚੱਲ ਕੇ ਤਲਵੰਡੀ ਸਾਬੋ ਹੋ ਕੇ ਬਠਿੰਡਾ ਵੱਲ ਜਾ ਰਹੀ ਬੱਸ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ’ਚ ਡਿੱਗੀ ਹੈ। ਸਮੁੱਚਾ ਪ੍ਰਸ਼ਾਸਨਿਕ ਅਮਲਾ ਤੇ ਮੈਡੀਕਲ ਟੀਮਾਂ ਰਾਹਤ ਕਾਰਜਾਂ ’ਚ ਲੱਗੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਕੁਝ ਮੌਤਾਂ ਹੋਣ ਦਾ ਖਦਸ਼ਾ ਹੈ ਪਰ ਹਾਲੇ ਤੱਕ ਮੁਕੰਮਲ ਵੇਰਵੇ ਨਹੀਂ ਦਿੱਤੇ ਜਾ ਸਕਦੇ ਕਿਉਂਕਿ ਪਹਿਲਾਂ ਰਾਹਤ ਕਾਰਜ਼ ਪੂਰਾ ਕਰਨਾ ਹੈ। ਉਹਨਾਂ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਪੰਜਾਬ ਸਰਕਾਰ ਤਰਫੋਂ ਮੁਫ਼ਤ ਕੀਤਾ ਜਾਵੇਗਾ। ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਦੱਸਿਆ ਕਿ ਹਾਦਸੇ ਦਾ ਹਾਲੇ ਕੁੱਝ ਪਤਾ ਨਹੀਂ ਲੱਗ ਸਕਿਆ। ਉਹਨਾਂ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸ਼ਨ ਮੌਕੇ ’ਤੇ ਪੁੱਜਿਆ। ਲੋਕਾਂ ਵੱਲੋਂ ਵੀ ਰਾਹਤ ਕਾਰਜ਼ ’ਚ ਸਹਿਯੋਗ ਕੀਤਾ ਜਾ ਰਿਹਾ ਹੈ ਐਨਡੀਆਰਐਫ ਦੀਆਂ ਟੀਮਾਂ ਵੀ ਲੱਗੀਆਂ ਹੋਈਆਂ ਹਨ।