ਚੰਡੀਗੜ੍ਹ, 18 ਜਨਵਰੀ : ਪੰਜਾਬ ਅਤੇ ਹਰਿਆਣਾ 'ਚ ਵੀਰਵਾਰ ਤੋਂ ਕੜਾਕੇ ਦੀ ਸਰਦੀ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ ਪਰ ਵੈਸਟਰਨ ਡਿਸਟਰਬੈਂਸ 21 ਤੋਂ 25 ਜਨਵਰੀ ਤੱਕ ਸਰਗਰਮ ਹੋਣ ਜਾ ਰਿਹਾ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ।ਭਾਵੇਂ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਵਿਚ ਇਨ੍ਹਾਂ ਦਿਨਾਂ ਵਿਚ ਦੁਪਹਿਰ ਵੇਲੇ ਹਲਕੀ-ਹਲਕੀ ਧੁੱਪ ਨਿਕਲ ਰਹੀ ਹੈ ਪਰ ਰਾਤ ਪੈਣ ਨਾਲ ਕਈ ਸ਼ਹਿਰਾਂ ਦਾ ਤਾਪਮਾਨ ਸਿਫ਼ਰ ਤੋਂ ਹੇਠਾਂ ਜਾ ਰਿਹਾ ਹੈ। ਮੰਗਲਵਾਰ ਨੂੰ ਬਠਿੰਡਾ, ਫਰੀਦਕੋਟ ਅਤੇ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 21 ਤੋਂ 25 ਜਨਵਰੀ ਤੱਕ ਸਰਗਰਮ ਰਹੇਗੀ, ਜਿਸ ਕਾਰਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 22 ਤੋਂ 25 ਜਨਵਰੀ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਵਿੱਚ 23 ਤੋਂ 24 ਜਨਵਰੀ ਨੂੰ ਹਲਕੀ ਗੜੇਮਾਰੀ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।