ਚੰਡੀਗੜ੍ਹ 18 ਜੂਨ 2024 : ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵੱਡੇ ਪੱਧਰ 'ਤੇ ਪੁਲਿਸ ਦੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ ਯਾਨੀ ਕਿ ਘੱਟੋ ਘੱਟ 10 ਹਜਾਰ ਪੁਲਿਸ ਮੁਲਾਜ਼ਮ ਇਧਰੋਂ ਉਧਰ ਕੀਤੇ ਜਾ ਰਹੇ ਹਨ। ਇਹਨਾਂ ਤਬਾਦਲਿਆਂ ਵਿੱਚ ਮੁਲਾਜ਼ਮ ਮੁਨਸ਼ੀ ਅਤੇ ਹੋਰ ਸ਼ਾਮਿਲ ਹਨ। ਇਸ ਦੇ ਨਾਲ ਹੀ ਨਸ਼ਿਆਂ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਜੇ ਕੋਈ ਪੁਲਿਸ ਮੁਲਾਜ਼ਮ ਨਸ਼ੇ ਨਾਲ ਫੜਿਆ ਜਾਂਦਾ ਹੈ ਤਾਂ ਤੁਰੰਤ ਬਰਖਾਸਤ ਕੀਤਾ ਜਾਵੇਗਾ ਅਤੇ ਇੱਕ ਹਫਤੇ ਵਿੱਚ ਮੁਲਾਜ਼ਮ ਦੀ ਪ੍ਰੋਪਰਟੀ ਅਟੈਚ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 10 ਹਜਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ ਜਿਸ ਨਾਲ ਪੁਲਿਸ ਮਹਿਕਮੇ ਦਾ ਕੰਮ ਕਾਜ ਆਸਾਨ ਹੋਵੇਗਾ ਅਤੇ ਲੋਕਾਂ ਨੂੰ ਵੀ ਲਾਹਾ ਮਿਲੇਗਾ। ਜ਼ਿਕਰ ਕਰ ਦਈਏ ਕਿ ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਮੁੱਖ ਮੰਤਰੀ ਨੇ ਡੀਜੀਪੀ ਗੌਰਵ ਯਾਦਵ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਪੁਲਿਸ ਨੂੰ ਲੋਕਾਂ ਨਾਲ ਜੁੜਨ ਦੀ ਹਦਾਇਤ ਕੀਤੀ ਸੀ। ਇਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਪੁਲਿਸ ਮੁਲਾਜ਼ਮ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।