ਮੁੱਖ ਮੰਤਰੀ ਮਾਨ ਨੇ ਹਵਾਬਾਜ਼ੀ ਮੰਤਰੀ ਨਾਇਡੂ ਨੂੰ ਲਿਖੀ ਚਿੱਠੀ, ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਣ ਦੀ ਕੀਤੀ ਮੰਗ

ਚੰਡੀਗੜ੍ਹ, 20 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਹਲਵਾਰਾ ਏਅਰ ਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ‘ਤੇ ਰੱਖਣ ਲਈ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਇੱਕ ਚਿੱਠੀ ਲਿਖੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਹਵਾਈ ਅੱਡੇ ਦੇ ਟਰਮੀਨਲ ਦਾ ਕੰਮ ਲੱਗਭੱਗ ਪੂਰਾ ਹੋ ਚੁੱਕਾ ਹੈ। ਜਿਸ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਿਆ ਜਾਵੇ, ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਵਿਧਾਨ ਸਭਾ ‘ਚ ਮਤਾ ਵੀ ਪਾਸ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਲੁਧਿਆਣਾ ਦੀ ਤਹਿਸੀਲ ਰਾਏਕੋਟ ਦੇ ਪਿੰਡ ਹਲਵਾਰਾ ਅਤੇ ਐਤੀਆਣਾ ਵਿਖੇ ਬਣ ਰਿਹਾ ਹੈ, ਜਿਸ ਦਾ ਟਰਮੀਨਲ ਤਕਰੀਬਨ ਪੂਰੀ ਤਰ੍ਹਾਂ ਤਿਆਰ ਹੋ ਚੁੱਕਾ ਹੈ। ਏਅਰਪੋਰਟ ਤੋਂ ਕੁੱਝ ਦੂਰੀ ਤੇ ਬਾਲਾ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਪਿੰਡ ਸਰਾਭਾ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵੱਲੋਂ ਏਅਰਪੋਰਟ ਦਾ ਨਾਮ ਬਾਲਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਵਿਧਾਨ ਸਭਾ ਵਿੱਚ ਮਤਾ ਪਾ ਕੇ ਮਾਨਤਾ ਦੇ ਦਿੱਤੀ ਗਈ ਸੀ। 
 

q