ਚੰਡੀਗੜ੍ਹ, 30 ਦਸੰਬਰ : ਨਵੇਂ ਸਾਲ ਅਤੇ ਗਣਤੰਤਰ ਦਿਹਾੜੇ ਤੋਂ ਪਹਿਲਾਂ ਦੇਸ਼ ਦੀਆ ਕੇਂਦਰੀ ਖੁਫ਼ੀਆ ਏਜੰਸੀਆਂ ਨੇ ਸੁਰੱਖਿਆ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕੇਂਦਰੀ ਖੁਫ਼ੀਆ ਏਜੰਸੀਆਂ ਨੇ ਪੰਜਾਬ ਦੇ ਵਿੱਚ ਅੱਤਵਾਦੀ ਹਮਲੇ ਦੀ ਸੂਚਨਾ ਦਿੱਤੀ ਹੈ। ਜਿਸ ਦੇ ਮੁਤਾਬਕ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਨਾਲ ਸਬੰਧਤ ਅੱਤਵਾਦੀ ਜਥੇਬੰਦੀਆਂ ਨਵੇਂ ਸਾਲ ਅਤੇ ਗਣਤੰਤਰ ਦਿਹਾੜੇ ਦੀ ਪੂਰਬਲੀ ਸ਼ਾਮ ਪੰਜਾਬ ਦੇ ਪੁਲਿਸ ਥਾਣਿਆਂ ਅਤੇ ਸਰਕਾਰੀ ਇਮਾਰਤਾਂ ਨੂੰ ਆਪਣਾ ਨਿਸ਼ਾਨਾ ਬਣਾ ਸਕਦੇ ਹਨ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਨੂੰ ਪੱਤਰ ਲਿਖ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ’ਚ ਖ਼ਾਸ ਧਿਆਨ ਦੇਣ ਲਈ ਕਿਹਾ ਗਿਆ ਹੈ। ਦਰਅਸਲ ਕੁਝ ਸਿਆਸਤਦਾਨਾਂ ਅਤੇ ਕੱਟੜਪੰਥੀਆਂ ਨੂੰ ਵੀ ਨਿਸ਼ਾਨਾ ਬਣਾਏ ਜਾਣ ਦਾ ਖ਼ਦਸ਼ਾ ਹੈ। ਪੰਜਾਬ ਪੁਲਿਸ ਦੀ ਖੁਫ਼ੀਆ ਬ੍ਰਾਂਚ ਦੇ ਮੁਤਾਬਕ ਕੁਝ ਅੱਤਵਾਦੀ ਮਾਡਿਊਲ ਪੰਜਾਬ ਦੇ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਦੇ ਵਿੱਚ ਹਨ ਦੀ ਸਾਜ਼ਿਸ਼ ਰਚ ਰਹੇ ਹਨ। ਆਈਜੀ ਪੁਲਿਸ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਕਿਹੈ ਕਿ ਸਾਰੀਆਂ ਥਾਵਾਂ ’ਤੇ ਚੌਕਸੀ ਰੱਖੀ ਜਾ ਰਹੀ ਹੈ। ਜ਼ਿਲ੍ਹਾ ਪੱਧਰ ’ਤੇ ਖ਼ਾਸ ਨਾਕਾਬੰਦੀ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਜਾਗਰੂਕ ਰਹਿਣ ਲਈ ਅਪੀਲ ਕੀਤੀ ਹੈ।