ਖਨੌਰੀ, 22 ਦਸੰਬਰ 2024 : ਖਨੌਰੀ ਸਰਹੱਦ ਵਿਖੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਪਾਰਲੀਮੈਂਟ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਜੋ ਕਿਸਾਨ ਅੰਦੋਲਨ ਵਿੱਚ ਮਰਨ ਵਰਤ ‘ਤੇ ਬੈਠੇ ਹਨ। ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਖੇਤੀਬਾੜੀ ਕਮੇਟੀ ਦਾ ਚੇਅਰਮੈਨ ਹਾਂ। ਅੱਜ ਮੈਂ ਡੱਲੇਵਾਲ ਨੂੰ ਕਿਸਾਨਾਂ ‘ਤੇ ਮੇਰੇ ਵੱਲੋਂ ਬਣਾਈ ਰਿਪੋਰਟ ਦਿਖਾਉਣ ਆਇਆ ਹਾਂ। ਇਹ ਰਿਪੋਰਟ ਸੰਸਦ ਵਿੱਚ ਪੇਸ਼ ਕੀਤੀ ਗਈ ਹੈ। ਜਿਸ ਵਿੱਚ ਐਮਐਸਏਪੀ ਅਤੇ ਕਿਸਾਨਾਂ ਦੇ ਮਸਲਿਆਂ ਸਮੇਤ ਕਈ ਮੰਗਾਂ ਹਨ। ਚੰਨੀ ਨੇ ਕਿਹਾ ਡੱਲੇਵਾਲ ਦੀ ਸਿਹਤ ਬਹੁਤ ਗੰਭੀਰ ਹੈ, ਇਸ ਲਈ ਮੈਂ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਆਇਆ ਹਾਂ। ਪਾਰਲੀਮੈਂਟ ਮੈਂਬਰ ਚੰਨੀ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਅੱਗੇ ਕਿਸਾਨਾਂ ਦੀਆਂ ਮੰਗਾਂ ਰੱਖੀਆਂ ਹਨ। ਉਹਨਾਂ ਨੇ ਕਿਹਾ ਕਿ ਮੈਂ ਡੱਲੇਵਾਲ ਸਾਹਿਬ ਨੂੰ ਇਹ ਦੱਸਣ ਆਇਆ ਹਾਂ ਕਿ ਕਿਰਪਾ ਕਰਕੇ ਆਪਣੀ ਸਿਹਤ ਦਾ ਖਿਆਲ ਰੱਖੋ, ਕਿਸਾਨਾਂ ਅਤੇ ਸਮਾਜ ਨੂੰ ਤੁਹਾਡੀ ਬਹੁਤ ਲੋੜ ਹੈ। ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਨੂੰ ਡੱਲੇਵਾਲ ਸਾਹਿਬ ਦੀ ਲੋੜ ਹੈ। ਇਸ ਲਈ, ਤੁਹਾਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਤਾਂ ਜੋ ਕਿਸਾਨ ਮਜ਼ਬੂਤ ਹੋ ਸਕਣ। ਚੰਨੀ ਨੇ ਕਿਹਾ ਰਾਹੁਲ ਗਾਂਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ। ਮੈਂ ਸੰਸਦੀ ਸਥਾਈ ਕਮੇਟੀ ਦੀ ਰਿਪੋਰਟ ਵੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ। ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਦੇ ਨਾਲ-ਨਾਲ ਕਿਸਾਨ ਅਤੇ ਮਜ਼ਦੂਰ ਹਿਤੈਸ਼ੀ ਸਿਫਾਰਸ਼ਾਂ ਸ਼ਾਮਲ ਹਨ।