- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।
ਅੰਮ੍ਰਿਤਸਰ, 16 ਸਤੰਬਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ। ਪਰੰਪਰਾ ਅਨੁਸਾਰ ਨਗਰ ਕੀਰਤਨ ਗੁਰਦੁਆਰਾ ਰਾਮਸਰ ਸਾਹਿਬ ਤੋ ਸੁਰੂ ਹੋ ਕੇ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਵੇਗਾ।ਇਸ ਸਮੇਂ ਦੂਰੋਂ-ਨੇੜਿਓਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ, ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਸ਼ਮੂਲੀਅਤ ਕੀਤੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ । ਨਗਰ ਕੀਰਤਨ ਦੇ ਸਾਰੇ ਰਸਤੇ ਵਿਚ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ । ਨਗਰ ਕੀਰਤਨ ਦੀ ਆਰੰਭਤਾ ਸਮੇਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸ਼੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਜਿਥੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਇਤਿਹਾਸ ਵਿਚੋਂ ਇਸ ਮਹਾਨ ਨਗਰ ਕੀਰਤਨ ਦੀ ਪਰੰਪਰਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ 1604 ਈ: ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁੱਢਾ ਜੀ ਅਤੇ ਸਿੱਖ ਸੰਗਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ ਅਤੇ ਇਸੇ ਪਰੰਪਰਾ ਤਹਿਤ ਹਰ ਸਾਲ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦਾ ਅੰਮ੍ਰਿਤਮਈ ਉਪਦੇਸ਼ ਜੀਵਨ ਵਿਚ ਕਮਾਉਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਗੁਰਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰ ਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਤੋਂ ਇਲਾਵਾ ਸੁੰਦਰ ਦੀਪਮਾਲਾ ਅਤੇ ਰੰਗ-ਬਿਰੰਗੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਵੀ ਕੀਤੀ ਗਈ, ਜਿਸ ਦਾ ਸੰਗਤ ਨੇ ਭਰਪੂਰ ਅਨੰਦ ਮਾਣਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਹੈ। ਪ੍ਰਕਾਸ਼ ਪੁਰਬ ਦੇ ਮੌਕੇ ਦੂਰ-ਦੂਰ ਤੋਂ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਆ ਰਹੀਆਂ ਹਨ। ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਸੰਗਤਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪ੍ਰਕਾਸ਼ ਪੁਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ। ਰਾਤ ਦੇ ਸਮੇਂ ਰੰਗ ਬਿਰੰਗੀਆਂ ਲਾਈਟਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਪ੍ਰਕਾਸ਼ ਪੁਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ ਅਤੇ ਸੰਗਤਾਂ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਸੁੰਦਰ ਜਲੌਅ ਸਾਹਿਬ ਦੇ ਦਰਸ਼ਨ ਦੀਦਾਰੇ ਵੀ ਕਰ ਰਹੀਆਂ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਰਬਾਰ ਸਾਹਿਬ ਮੱਥਾ ਟੇਕਣ ਆਇਆ ਸੰਗਤਾਂ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੂਰਬ ਹੈ ਅਤੇ ਅੱਜ ਦੇ ਦਿਨ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੇ ਆਪ ਨੂੰ ਕਿਸਮਤ ਵਾਲੇ ਮੰਨ ਰਹੇ ਹਨ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ।