- ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਨੂੰ ਸ਼ਰਧਾਂਜਲੀ ਭੇਟ
- ਸਰਕਾਰ ਨੂੰ ਅਸਥਿਰ ਕਰਨ ਦਾ ਸੁਪਨਾ ਦੇਖ ਰਹੇ ਵਿਰੋਧੀਆਂ ਉੱਤੇ ਕੱਸਿਆ ਵਿਅੰਗ
- 25 ਸਾਲਾਂ ਤੱਕ ਰਾਜ ਕਰਨ ਦਾ ਦਾਅਵਾ ਕਰਨ ਵਾਲੇ ਲੋਪ ਹੋਣ ਕੰਢੇ ਪੁੱਜੇ
- ਕੇਂਦਰ ਤੋਂ ਫੰਡ ਨਹੀਂ ਮੰਗਾਂਗੇ ਆਪਣੇ ਸਰੋਤ ਪੈਦਾ ਕਰਾਂਗੇ
- ਸੂਬੇ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਮਾਲਵਾ ਨਹਿਰ ਬਣਾਉਣ ਦਾ ਐਲਾਨ
- ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਮਿਲੇਗੀ
ਸੰਗਰੂਰ, 29 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਇੱਥੇ ਮਹਾਰਾਜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇਕ ਮਹਾਨ ਬਾਦਸ਼ਾਹ ਸਨ, ਜਿਨ੍ਹਾਂ ਨੇ ਮਹਾਨ ਸਿੱਖ ਗੁਰੂਆਂ ਵੱਲੋਂ ਪ੍ਰਚਾਰੇ ਗਏ ਧਰਮ ਨਿਰਪੱਖਤਾ ਅਤੇ ਸਮਾਜਵਾਦ ਦੇ ਸਿਧਾਂਤਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਇਕ ਸੱਚਾ ਸਿੱਖ ਹੋਣ ਦੇ ਨਾਤੇ ਨਿਆਂ ਵਿਵਸਥਾ ਅਤੇ ਆਪਣੀ ਜਨਤਾ ਦੀ ਭਲਾਈ ਯਕੀਨੀ ਬਣਾਈ ਅਤੇ ਲੋਕਾਂ ਦੀ ਦਿੱਕਤਾਂ ਨੂੰ ਮਹਿਸੂਸ ਕਰਨ ਲਈ ਰਾਤ ਨੂੰ ਭੇਸ ਬਦਲ-ਬਦਲ ਕੇ ਆਪਣੇ ਰਾਜ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਪ੍ਰਤੀ ਪਿਆਰ ਅਤੇ ਸਨੇਹ ਕਾਰਨ ਹੀ ਮਹਾਰਾਜਾ ਰਣਜੀਤ ਸਿੰਘ ਲੋਕਾਂ ਦੇ ਸੱਚੇ ਬਾਦਸ਼ਾਹ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਿੱਖ ਸਾਮਰਾਜ ਦੇ ਮੋਢੀ ਸਨ, ਜਿਨ੍ਹਾਂ ਦਾ ਰਾਜ ਪੱਛਮ ਵਿੱਚ ਖੈਬਰ ਦੱਰੇ ਤੋਂ ਲੈ ਕੇ ਉੱਤਰ ਵਿੱਚ ਕਸ਼ਮੀਰ, ਦੱਖਣ ਵਿੱਚ ਸਿੰਧ ਅਤੇ ਪੂਰਬ ਵਿੱਚ ਤਿੱਬਤ ਤੱਕ ਫੈਲਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮ ‘ਤੇ ਚੱਲਦਿਆਂ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਲੋਕ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਬਖਸ਼ਿਸ਼ ਕੀਤੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਉਨ੍ਹਾਂ ਸਮਿਆਂ ਵਿੱਚ ਬਾਦਸ਼ਾਹ ਹੋਣ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ ਨੂੰ ਸਹਿਜੇ ਹੀ ਸਵੀਕਾਰ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਪ੍ਰਬੰਧ ਦੇਣ ਦਾ ਦਾਅਵਾ ਕਰਨ ਵਾਲੇ ਸੂਬੇ ਦੇ ਪਿਛਲੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬਉੱਚਤਾ ਨੂੰ ਖੋਰਾ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਇਸ ਪਵਿੱਤਰ ਧਰਤੀ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਡਰੱਗ ਮਾਫੀਆ ਨੂੰ ਵਧਣ-ਫੁੱਲਣ ਦਿੱਤਾ, ਜਿਸ ਕਾਰਨ ਸੂਬੇ ਦੀ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਆਦਿ ਮਹਾਨ ਸ਼ਹੀਦਾਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ ਜਦਕਿ ਸੂਬੇ ਦੇ ਪਿਛਲੇ ਸ਼ਾਸਕਾਂ ਨੇ ਸੂਬੇ ਨੂੰ ਲੁੱਟਣ ਅਤੇ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮੁੱਖ ਮੰਤਰੀ ਨੇ ਇਸ ਸੀਟ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਸਦ ਮੈਂਬਰ ਚੁਣਨ ਲਈ ਸੰਗਰੂਰ ਸੰਸਦੀ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਚੁਣਿਆ ਗਿਆ ਸੰਸਦ ਮੈਂਬਰ ਲੋਕ ਸਭਾ ਵਿੱਚ ਇਸ ਖੇਤਰ ਦੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਉਠਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਖੇਤਰ ਦਾ ਵੱਡੇ ਪੱਧਰ ‘ਤੇ ਵਿਕਾਸ ਹੋਵੇਗਾ ਕਿਉਂਕਿ ਹੁਣ ਸੰਸਦ ਮੈਂਬਰ ਅਤੇ ਸੂਬਾ ਸਰਕਾਰ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਿਲ ਕੇ ਤਾਲਮੇਲ ਨਾਲ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਵਿਕਾਸ ਦੇਖਣ ਨੂੰ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਇਹ ਦਾਅਵਾ ਕਰਕੇ ਹਵਾ ਕਿਲ੍ਹੇ ਉਸਾਰ ਰਹੇ ਹਨ ਕਿ ਪੰਜਾਬ ਸਰਕਾਰ ਅਸਥਿਰ ਹੈ, ਜੋ ਜਲਦੀ ਹੀ ਡਿੱਗ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਸਮਰਥਨ ਨਾਲ ਆਪਣਾ ਕਾਰਜਕਾਲ ਪੂਰਾ ਕਰੇਗੀ, ਜਿਨ੍ਹਾਂ ਨੇ 92 ਸੀਟਾਂ ਨਾਲ ਲੋਕ ਪੱਖੀ ਸਰਕਾਰ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 1920 ਵਿੱਚ ਹੋਂਦ ‘ਚ ਆਏ ਅਕਾਲੀ ਦਲ ਦੀ ਹਾਲਤ ਬਹੁਤ ਤਰਸਯੋਗ ਹੋ ਚੁੱਕੀ ਹੈ, ਜੋ 2020 ਤੋਂ ਬਾਅਦ ਲਗਾਤਾਰ ਨਿਘਾਰ ਵੱਲ ਵਧ ਰਿਹਾ ਹੈ ਅਤੇ ਹੁਣ ਖ਼ਤਮ ਹੋਣ ਦੇ ਕਿਨਾਰੇ ਹੈ, ਜਦਕਿ ਇਸ ਦੇ ਆਗੂ ਸੱਚ ਤੋਂ ਮਨਫ਼ੀ ਹੋ ਕੇ 25 ਸਾਲ ਰਾਜ ਕਰਨ ਦਾ ਦਾਅਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਘੋਰ ਪਾਪ ਕੀਤਾ ਹੈ, ਜੋ ਮੁਆਫ਼ੀ ਦੇ ਕਾਬਿਲ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਫੰਡ ਨਹੀਂ ਮੰਗਣਗੇ, ਸਗੋਂ ਸੂਬਾ ਆਪਣੇ ਖੁਦ ਦੇ ਸਾਧਨ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਇਕ ਵੀ ਸੀਟ ਨਹੀਂ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਜਨਤਕ ਵੰਡ ਪ੍ਰਣਾਲੀ ਤਹਿਤ ਲੋਕਾਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਦੇਵੇਗੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ ਜਲਦ ਹੀ 10,000 ਨਵੇਂ ਮੁਲਾਜ਼ਮਾਂ ਦੀ ਭਰਤੀ ਕਰੇਗੀ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਅਖਤਿਆਰ ਦੇ ਕੇ ਪਰਵਾਸ ਨੂੰ ਪੁੱਠਾ ਗੇੜ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ‘ਖਵਾਜ਼ਾ ਪੀਰ’ ਦੀ ਪੂਜਾ ਕਰਦੇ ਹਨ ਪਰ ਕੈਪਟਨ ਅਤੇ ਸੁਖਬੀਰ ਵਰਗੇ ਆਗੂਆਂ ਨੂੰ ਇਸ ਜਲ ਦੇਵਤਾ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਕਦੇ ਜ਼ਮੀਨੀ ਪੱਧਰ ‘ਤੇ ਕੋਈ ਕੰਮ ਹੀ ਨਹੀਂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਜਦੋਂਕਿ ਪਹਿਲਾਂ ਦੇ ਹੁਕਮਰਾਨਾਂ ਨੇ ਕਦੇ ਵੀ ਇਸ ਪਾਸੇ ਵੱਲ ਧਿਆਨ ਦੇਣਾ ਜ਼ਰੂਰੀ ਨਹੀਂ ਸਮਝਿਆ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਸ ਕਾਰਨ ਉਹ ਰੋਜ਼ਾਨਾ ਉਨ੍ਹਾਂ ਵਿਰੁੱਧ ਜ਼ਹਿਰ ਉਗਲਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜੋ ਇਹ ਮੰਨਦੇ ਹਨ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਆਦਮੀ ਸੂਬੇ ਨੂੰ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਹ ਉਲਟਫੇਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਬਹੁਤ ਘੱਟ ਕੀਮਤ ‘ਤੇ ਵੇਚ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਸਭ ਤੋਂ ਸਸਤੇ ਭਾਅ ਵਿੱਚ ਖਰੀਦਿਆ ਗਿਆ ਪਾਵਰ ਪਲਾਂਟ ਹੈ ਅਤੇ ਇੱਕ ਇਤਿਹਾਸਕ ਪਹਿਲਕਦਮੀ ਹੈ ਪਰ 90 ਫੀਸਦੀ ਬਿਜਲੀ ਖ਼ਪਤਕਾਰਾਂ ਨੂੰ ਮੁਫ਼ਤ ਬਿਜਲੀ ਮਿਲਣ ਦੇ ਬਾਵਜੂਦ ਵਿਰੋਧੀ ਧਿਰ ਨੇ ਕਦੇ ਵੀ ਇਸ ਦੀ ਸ਼ਲਾਘਾ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਾਲਵਾ ਖੇਤਰ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਜਲਦ ਹੀ ਮਾਲਵਾ ਨਹਿਰ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਗਿੱਦੜਬਾਹਾ, ਲੰਬੀ ਅਤੇ ਅਜਿਹੇ ਹੋਰ ਇਲਾਕਿਆਂ ਨੂੰ ਇਸ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਬਣਨ ਵਾਲੀ ਪਹਿਲੀ ਨਹਿਰ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸੱਤਾਧਾਰੀਆਂ ਨੇ ਕਦੇ ਵੀ ਇਨ੍ਹਾਂ ਮੁੱਦਿਆਂ ਦੀ ਪਰਵਾਹ ਨਹੀਂ ਕੀਤੀ ਅਤੇ ਇਨ੍ਹਾਂ ਮਾਮਲਿਆਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਅਤੇ ਹੋਰਨਾਂ ਆਗੂਆਂ ਨੂੰ ਪੰਜਾਬੀ ਦੀ ਮੁੱਢਲੀ ਲਿਖਤੀ ਪ੍ਰੀਖਿਆ ਪਾਸ ਕਰਨ ਲਈ ਵੰਗਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਾਂ ਯਕੀਨੀ ਹੈ ਕਿ ਇਨ੍ਹਾਂ ਸੱਤਾ ਪਿੱਛੇ ਪਾਗਲ ਹੋਏ ਸਿਆਸਤਦਾਨਾਂ ਨੂੰ ਸੂਬੇ ਦੀ ਰਾਜਧਾਨੀ ਦਾ ਨਾਂ ਜ਼ਰੂਰ ਪਤਾ ਹੋਵੇਗਾ ਪਰ ਉਹ ਇਸ ਨੂੰ ਪੰਜਾਬੀ ਵਿੱਚ ਨਹੀਂ ਲਿਖ ਸਕਦੇ। ਉਨ੍ਹਾਂ ਕਿਹਾ ਕਿ ਸਨਾਵਰ ਅਤੇ ਦੂਨ ਸਕੂਲ ਤੋਂ ਪੜ੍ਹੇ ਇਨ੍ਹਾਂ ਆਗੂਆਂ ਨੂੰ ਮੁੱਢਲੀ ਪੰਜਾਬੀ ਦੀ ਜਾਣਕਾਰੀ ਨਹੀਂ ਹੈ ਅਤੇ ਉਹ ਇਹ ਪ੍ਰੀਖਿਆ ਪਾਸ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਹੈਲਪ ਡੈਸਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਇਨ੍ਹਾਂ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਮਰਪਿਤ ਅਧਿਕਾਰੀ ਇਸ ਡੈਸਕ ‘ਤੇ ਬੈਠ ਕੇ ਰੁਟੀਨ ਪ੍ਰਸ਼ਾਸਨਿਕ ਕੰਮਾਂ ਲਈ ਆਮ ਲੋਕਾਂ ਤੋਂ ਅਰਜ਼ੀਆਂ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਪ੍ਰਸ਼ਾਸਨਿਕ ਕੰਮਾਂ ਸਬੰਧੀ ਅਰਜ਼ੀਆਂ ਸਬੰਧਤ ਵਿਭਾਗ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਲ ਸਬੰਧਤ ਕੰਮਾਂ ਦੀਆਂ ਅਰਜ਼ੀਆਂ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਭੇਜਿਆ ਜਾਵੇਗਾ, ਜਿੱਥੋਂ ਅੱਗੇ ਇਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਸ਼ਾਸਨਿਕ ਵਿਭਾਗਾਂ ਕੋਲ ਭੇਜਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦਾ ਡੈਸ਼ਬੋਰਡ ਜ਼ਿਲ੍ਹਿਆਂ ਵਿੱਚ ਸਮੁੱਚੀ ਗਤੀਵਿਧੀ ਦੀ ਨਿਰੰਤਰ ਨਿਗਰਾਨੀ ਕਰੇਗਾ ਅਤੇ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਉਹ ਪਹਿਲਾਂ ਹੀ ਕਈ ਤਜਵੀਜ਼ਾਂ ‘ਤੇ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਦੀਆਂ ਵਿਕਾਸ ਵਿਰੋਧੀ ਤਾਕਤਾਂ ਨੇ ਇਸ ਅਹਿਮ ਪ੍ਰੋਜੈਕਟ ਨੂੰ ਰੋਕ ਦਿੱਤਾ ਹੈ, ਇਸ ਪ੍ਰੋਜੈਕਟ ਨਾਲ ਖੇਤਰ ਦੇ ਲੋਕਾਂ ਦੀ ਕਿਸਮਤ ਬਦਲ ਸਕਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਲੋਕਾਂ ਦੀ ਭਲਾਈ ਨਾਲ ਕੋਈ ਦਿਲਚਸਪੀ ਨਹੀਂ ਹੈ, ਸਗੋਂ ਇਹ ਹਮੇਸ਼ਾ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਪੂਰਨ ਵਿੱਚ ਹੀ ਲੱਗੇ ਰਹਿੰਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਨਾਨਕੇ ਪਿੰਡ ਸਥਿਤ ਸਮਾਰਕ ‘ਤੇ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਾਰਜ ਅਤੇ ਹੋਰ ਪਤਵੰਤੇ ਹਾਜ਼ਰ ਸਨ।