ਚੰਡੀਗੜ੍ਹ, 1 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ.ਧਰਮਵੀਰ ਗਾਂਧੀ ਅੱਜ ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਆਪਣੀ ਨਵਾਂ ਪੰਜਾਬ ਪਾਰਟੀ ਦਾ ਕਾਂਗਰਸ ਵਿੱਚ ਰਲੇਵਾਂ ਕਰ ਦਿੱਤਾ। ਅੱਜ ਪਾਰਟੀ ਦਫ਼ਤਰ ਵਿਖੇ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋਏ। ਡਾਕਟਰ ਧਰਮਵੀਰ ਗਾਂਧੀ ਨੂੰ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਕਾਂਗਰਸ ਦੇ ਕੇਂਦਰੀ ਆਗੂਆਂ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ। ਦਿਲ ਦੇ ਮਾਹਿਰ ਧਰਮਵੀਰ ਗਾਂਧੀ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। 2014 'ਚ ਪਟਿਆਲਾ ਤੋਂ 'ਆਪ' ਦੀ ਟਿਕਟ 'ਤੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਧਰਮਵੀਰ ਗਾਂਧੀ ਦਾ ਪਾਰਟੀ ਤੋਂ ਮੋਹ ਭੰਗ ਹੋ ਗਿਆ ਅਤੇ ਪਾਰਟੀ ਤੋਂ ਦੂਰੀ ਬਣਾ ਲਈ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪਰਨੀਤ ਕੌਰ ਨੂੰ ਧਰਮਵੀਰ ਗਾਂਧੀ ਨੇ ਬੁਰੀ ਤਰ੍ਹਾਂ ਹਾਰ ਦਿੱਤੀ ਸੀ। ਧਰਮਵੀਰ ਗਾਂਧੀ ਨੂੰ 3,65,671 ਅਤੇ ਪ੍ਰਨੀਤ ਕੌਰ ਨੂੰ 3,44,729 ਵੋਟਾਂ ਮਿਲੀਆਂ। ਉਹ 20,942 ਵੋਟਾਂ ਨਾਲ ਜਿੱਤੇ ਸਨ। ਇਸ ਤੋਂ ਬਾਅਦ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਧਰਮਵੀਰ ਗਾਂਧੀ ਨੇ ਆਪਣੀ ਵੱਖਰੀ ਪਾਰਟੀ ਬਣਾਈ ਸੀ। ਇਸ ਪਾਰਟੀ ਦਾ ਨਾਂਅ ਨਵਾਂ ਪੰਜਾਬ ਰੱਖਿਆ ਗਿਆ। ਉਹ ਇਨ੍ਹਾਂ ਚੋਣਾਂ ਵਿੱਚ ਤੀਜੇ ਨੰਬਰ ’ਤੇ ਰਹੇ। ਧਰਮਵੀਰ ਗਾਂਧੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਦੀ ਪਾਰਟੀ ਵੀ ਕਾਂਗਰਸ ਵਿੱਚ ਰਲੇਵਾਂ ਕਰ ਗਈ ਹੈ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ਪਰ ਹੁਣ ਧਰਮਵੀਰ ਗਾਂਧੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪਟਿਆਲਾ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਕਾਂਗਰਸ ਉਨ੍ਹਾਂ ਨੂੰ ਪਟਿਆਲਾ ਤੋਂ ਟਿਕਟ ਦੇ ਸਕਦੀ ਹੈ। ਧਰਮਵੀਰ ਗਾਂਧੀ ਪਟਿਆਲਾ ਦੇ ਵਸਨੀਕ ਹਨ ਅਤੇ ਇਸ ਇਲਾਕੇ ਵਿੱਚ ਉਸ ਦੀ ਚੰਗੀ ਪਕੜ ਹੈ।