ਚੰਡੀਗੜ੍ਹ, 10 ਜੂਨ : ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਫਿਰ ਤੋਂ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਇੱਕ ਦਿਨ ਵਿੱਚ ਤਾਪਮਾਨ ਵਿੱਚ ਕਰੀਬ 3 ਡਿਗਰੀ ਦਾ ਵਾਧਾ ਹੋਇਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਜੋ 40 ਡਿਗਰੀ ਤੋਂ ਹੇਠਾਂ ਸੀ, ਹੁਣ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦੋ ਹਫ਼ਤਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ। ਜਦੋਂ ਕਿ 11 ਜੂਨ ਨੂੰ ਪੂਰੇ ਪੱਛਮੀ ਮਾਲਵੇ ਵਿੱਚ ਹੀਟ ਵੇਵ ਦਾ ਅਸਰ ਦੇਖਣ ਨੂੰ ਮਿਲੇਗਾ। ਮੰਗਲਵਾਰ ਨੂੰ ਪੰਜਾਬ ਦੇ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।