ਤਰਨਤਾਰਨ, 29 ਅਕਤੂਬਰ : ਬੀਤੀ ਰਾਤ ਚੋਹਲਾ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਮੋਹਨਪੁਰ ਨੇੜੇ ਸੜਕ 'ਤੇ ਖੜ੍ਹੀ ਇਕ ਟਰੈਕਟਰ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਛੋਟੇ ਬੱਚੇ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਅਮਨਦੀਪ ਸਿੰਘ ਅਤੇ ਕਿਰਨਵੀਰ ਕੌਰ ਆਪਣੇ ਬੱਚਿਆਂ ਸਮੇਤ ਕਾਰ ਵਿੱਚ ਕਿਸੇ ਸਮਾਗਮ ਤੋਂ ਵਾਪਸ ਆ ਰਹੇ ਸਨ। ਜਦੋਂ ਕਾਰ ਮੋਹਨਪੁਰ ਪਿੰਡ ਠੱਠੀਆਂ ਮਹੰਤਾ ਦੇ ਵਿਚਕਾਰ ਪੁੱਜੀ ਤਾਂ ਕਾਰ ਸੜਕ ਕਿਨਾਰੇ ਖੜ੍ਹੀ ਪਰਾਲੀ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋਵੇਂ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਇਸ ਭਿਆਨਕ ਹਾਦਸੇ ਦੌਰਾਨ ਮ੍ਰਿਤਕ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਚੌਲਾ ਸਾਹਿਬ ਦੇ ਮੁਖੀ ਇੰਸਪੈਕਟਰ ਵਿਨੋਦ ਸ਼ਰਮਾ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀ ਬੱਚਿਆਂ ਨੂੰ ਤੁਰੰਤ ਇਲਾਜ ਲਈ ਤਰਨਤਾਰਨ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੌਹਲਾ ਸਾਹਿਬ ਦੇ ਮੁਖੀ ਇੰਸਪੈਕਟਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।