ਜਿੰਪਾ ਵੱਲੋਂ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ 

  • ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਫੀਲਡ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ  

ਚੰਡੀਗੜ੍ਹ, 12 ਜੁਲਾਈ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਦੀ ਪ੍ਰਧਨਾਗੀ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਜਾਣ। ਜਲ ਸਪਲਾਈ ਭਵਨ, ਮੋਹਾਲੀ ਵਿਖੇ ਇਕ ਸਮੀਖਿਆ ਮੀਟਿੰਗ ਦੌਰਾਨ ਜਿੰਪਾ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦੀ ਮਾਰ ਪਈ ਹੈ, ਉੱਥੋਂ ਦੇ ਵਸਨੀਕਾਂ ਦੀਆਂ ਹਰ ਪ੍ਰਕਾਰ ਦੀਆਂ ਲੋੜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿਚ ਸਾਰਿਆਂ ਵੱਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ। ਕਜੌਲੀ ਵਾਟਰ ਵਰਕਸ ਨੂੰ ਹੜ੍ਹਾਂ ਕਾਰਣ ਪੁੱਜੇ ਨੁਕਸਾਨ ਦੀ ਪੂਰਤੀ ਸਮੇਂ ਸਿਰ ਕਰਨ ਲਈ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰਸੰਸਾ ਵੀ ਕੀਤੀ। ਜਿੰਪਾ ਨੇ ਕਿਹਾ ਕਿ ਪੰਜਾਬ ਵਿਚ ਪਾਣੀ ਸਪਲਾਈ ਦੀਆਂ ਜਿੰਨੀਆਂ ਵੀ ਸਕੀਮਾਂ ਹੜ੍ਹਾਂ ਦੀ ਮਾਰ ਹੇਠ ਆਈਆਂ ਹਨ ਜਦੋਂ ਤੱਕ ਉਹ ਪੂਰੀ ਤਰ੍ਹਾਂ ਕਾਰਜਸ਼ੀਲ ਨਹੀਂ ਹੁੰਦੀਆਂ ਉਦੋਂ ਤੱਕ ਉਨ੍ਹਾਂ ਦੇ ਲਾਭਪਾਤਰੀਆਂ ਨੂੰ ਬਦਲਵੇਂ ਤਰੀਕਿਆਂ ਰਾਹੀਂ ਪਾਣੀ ਸਪਲਾਈ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਖਾਸ ਤੌਰ ‘ਤੇ ਚੰਡੀਗੜ੍ਹ, ਪਟਿਆਲਾ, ਫਤਹਿਗੜ੍ਹ ਸਾਹਿਬ, ਜਲੰਧਰ ਤੇ ਲੁਧਿਆਣਾ ਸਰਕਲਾਂ ਦੇ ਐਸਈਜ਼ ਤੋਂ ਉਨ੍ਹਾਂ ਦੇ ਖੇਤਰਾਂ ਬਾਰੇ ਸੰਪੂਰਣ ਜਾਣਕਾਰੀ ਲਈ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਜਿਹੜੇ ਇਲਾਕਿਆਂ ਵਿਚ ਹੜ੍ਹਾਂ ਦਾ ਖਤਰਾ ਬਰਕਰਾਰ ਹੈ ਉੱਥੇ ਪਹਿਲਾਂ ਤੋਂ ਹੀ ਜਲ ਸਪਲਾਈ ਸਕੀਮਾਂ ਦੀਆਂ ਮੋਟਰਾਂ/ਟਿਊਬਵੈੱਲਾਂ ਨੂੰ ਹੜ੍ਹਾਂ ਦੇ ਪਾਣੀ ਤੋਂ ਬਚਾਉਣ ਲਈ ਪੁਖਤਾ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਕਲੋਰੀਨ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਇਹ ਪੀਣਯੋਗ ਬਣੇ। ਮੀਟਿੰਗ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਤੋਂ ਇਲਾਵਾ ਵਿਭਾਗ ਦੇ ਹੋਰ ਉੱਚ ਅਧਿਕਾਰੀ ਤੇ ਫੀਲਡ ਅਧਿਕਾਰੀ ਹਾਜ਼ਰ ਸਨ।