- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਹਿਬਾਨਾਂ ਦੀ ਹੋਈ ਅਹਿਮ ਮੀਟਿੰਗ, ਬੈਠਕ ’ਚ ਲਏ ਗਏ ਵੱਡੇ ਅਹਿਮ ਫੈਸਲੇ
- ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਜਲਵਾਯੂ ਵਿਚ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਤੇ ਵੀ ਹੋਈ ਵਿਚਾਰ -ਚਰਚਾ
ਅੰਮ੍ਰਿਤਸਰ, 15 ਜੁਲਾਈ 2024 : ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ ਜਿਸ ਵਿਚ ਹੇਠ ਕਈ ਅਹਿਮ ਫੈਸਲੇ ਕੀਤੇ ਗਏ; –
- ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਚੌਵੀ ਘੰਟੇ ਲਈ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ ਬਣਾਈ ਜਾਵੇ। ਇਸ ਵਿਚ ਕੁਤਾਹੀ ਪਾਈ ਜਾਣ ’ਤੇ ਜਾਂ ਬੇਅਦਬੀ ਹੋਣ ਦੀ ਸੂਰਤ ਵਿਚ ਸਬੰਧਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
- ਬਾਬਾ ਦਯਾ ਸਿੰਘ ਜੀ ਮੁਖੀ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ, ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ, ਹੈੱਡ ਕੁਆਟਰਟਰ ਸੁਰਸਿੰਘ, ਜ਼ਿਲ੍ਹਾ ਸ੍ਰੀ ਤਰਨ ਤਾਰਨ ਸਾਹਿਬ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਪੰਥ ਸੇਵਕ’ ਦਾ ਵਿਸ਼ੇਸ਼ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ।
- ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
- ਆਲਮੀ ਤਪਸ਼ (Global Warming) ਅਤੇ ਜਲਵਾਯੂ ਵਿਚ ਵਿਸ਼ਵ ਪੱਧਰ ‘ਤੇ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਦੇ ਮੱਦੇਨਜ਼ਰ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ, ਪੰਛੀਆਂ ਦੀਆਂ ਖ਼ਤਮ ਹੋ ਰਹੀਆਂ ਨਸਲਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਆਦੇਸ਼ ਕੀਤਾ ਜਾਂਦਾ ਹੈ ਕਿ ਹਰੇਕ ਸਿੱਖ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਾਵੇ, ਪਾਣੀ ਦੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਪੰਜ ਸਿੰਘ ਸਾਹਿਬਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਸਮੇਤ ਦੋ ਵਿਅਕਤੀਆਂ ਨੂੰ ਲਾਈ ਧਾਰਮਿਕ ਤਨਖਾਹ
ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਲਾਈ ਗਈ। ਉਨ੍ਹਾਂ ਨਾਲ ਦੋ ਹੋਰ ਵਿਅਕਤੀਆਂ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਆਰੋਪ ਹੇਠ ਧਾਰਮਿਕ ਸਜ਼ਾ ਸੁਣਾਈ ਗਈ। ਗਿਆਨੀ ਇਕਬਾਲ ਸਿੰਘ ਸਮੇਤ ਤਿੰਨਾਂ ਨੂੰ 11 ਦਿਨ ਨਿਤਨੇਮ ਦੇ ਪਾਠ ਤੋਂ ਇਲਾਵਾ ਇਕ ਸ੍ਰੀ ਜਪੁਜੀ ਸਾਹਿਬ ਦਾ ਹੋਰ ਪਾਠ ਕਰਨ, ਇਕ ਘੰਟਾ ਕੀਰਤਨ ਸਰਵਣ ਕਰਨ ਤੇ ਸੰਗਤਾਂ ਦੇ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਲਾਈ ਗਈ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਗੁ: ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਨਗਰ ਤੋਂ ਆਏ 5 ਪ੍ਰਬੰਧਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਉਲਟ ਜਾ ਕੇ ਸਾਬਕਾ ਜਥੇਦਾਰ ਰਾਗੀ ਦਰਸ਼ਨ ਸਿੰਘ ਦਾ ਕੀਰਤਨ ਕਰਵਾਉਣ ਦੇ ਦੋਸ਼ ਤਹਿਤ ਵੀ ਤਲਬ ਕੀਤਾ ਗਿਆ। ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਗਿਆ।ਇਕ ਧਾਰਮਿਕ ਡੇਰੇ ਦੇ ਸੰਚਾਲਕ ਬਾਬਾ ਦਰਸ਼ਨ ਸਿੰਘ ਗੁਮਟਾਲਾ ਨੂੰ ਆਪਣੇ ਉਪਰ ਲੱਗੇ ਦੋਸ਼ਾਂ ਦੀ ਸਜ਼ਾ ਲਵਾਉਣ ਲਈ ਪਹਿਲਾਂ ਅੰਮ੍ਰਿਤ ਛੱਕ ਕੇ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਆਦੇਸ਼ ਕੀਤਾ ਗਿਆ।