- ਕਿਹਾ, ਚੰਗਾ ਅਧਿਆਪਕ ਭਵਿੱਖ ਲਈ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੁੰਦਾ
ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਫਿਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਤਿੱਖਾ ਹਮਲੇ ਬੋਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 9 ਸਾਲ ਖਾਲੀ ਖਜ਼ਾਨੇ ਦੀ ਰਟ ਕਾਰਨ ਨੌਜਵਾਨਾਂ ਦਾ ਮਨੋਬਲ ਟੁੱਟਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਇਸ ਵਿਆਪਕ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, “ਜਿਵੇਂ ਹਵਾਈ ਅੱਡਿਆਂ 'ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਆਪਣੀਆਂ ਮਨਚਾਹੀਆਂ ਮੰਜ਼ਿਲਾਂ ਹਾਸਲ ਕਰ ਸਕਣ।” ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ 'ਤੇ ਸੇਵਾ ਨਿਭਾਉਣ ਲਈ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਬੁੱਧਵਾਰ ਨੂੰ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤਾ ਗਿਆ ਪਹਿਲਾ ਅਜਿਹਾ ਹਾਈ-ਟੈਕ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਚੰਗਾ ਅਧਿਆਪਕ ਭਵਿੱਖ ਲਈ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੁੰਦਾ ਹੈ ਜਿਸ ਕਰਕੇ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਥਾਵਾਂ 'ਤੇ ਸਿਖਲਾਈ ਲਈ ਭੇਜਣ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ/ਅਧਿਆਪਕਾਂ ਦੇ ਵਫ਼ਦ ਸਿੰਗਾਪੁਰ, ਅਹਿਮਦਾਬਾਦ ਅਤੇ ਹੋਰਾਂ ਵਿਖੇ ਸਿਖਲਾਈ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਮੁਹਾਰਤ ਨੂੰ ਵਧਾਉਣ ਲਈ ਭੇਜੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਉਹ ਕਾਨਵੈਂਟ ਸਕੂਲਾਂ ਵਿੱਚ ਆਪਣੇ ਹਾਣੀਆਂ ਦਾ ਮੁਕਾਬਲਾ ਕਰ ਸਕਣ।