ਚੰਡੀਗੜ੍ਹ, 12 ਫ਼ਰਵਰੀ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ ਜੋ ਵਾਤਾਵਰਣ ਨੂੰ ਖ਼ਤਰਾ ਪੈਦਾ ਕਰ ਰਹੇ ਹਨ। ਇਸ ਤੋਂ ਇਲਾਵਾ 4452 ਉਦਯੋਗਿਕ ਇਕਾਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਰਾਜ ਸਭਾ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਸਵਾਲ ਦੇ ਜਵਾਬ ਵਿੱਚ ਦਿੱਤੀ।ਉਦਯੋਗਿਕ ਰਹਿੰਦ-ਖੂੰਹਦ ਦੇ ਗਲਤ ਨਿਪਟਾਰੇ ਕਾਰਨ ਪੰਜਾਬ ਵਿੱਚ ਜਲ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਬਣ ਗਿਆ ਹੈ। ਪੰਜਾਬ ਵਿੱਚ 25374 ਉਦਯੋਗਿਕ ਯੂਨਿਟ ਹਨ, ਜਿਨ੍ਹਾਂ ਵਿੱਚੋਂ 2906 ਬੰਦ ਹਨ, ਜਦੋਂ ਕਿ 22468 ਚਾਲੂ ਹਨ। ਕੇਂਦਰੀ ਰਾਜ ਮੰਤਰੀ ਅਨੁਸਾਰ ਪੰਜਾਬ ਵਿੱਚ 6, 293 ਉਦਯੋਗ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਕੇਂਦਰੀ ਮੰਤਰੀ ਚੌਬੇ ਨੇ ਇਹ ਵੀ ਦੱਸਿਆ ਹੈ ਕਿ ਪੰਜਾਬ ਦੇ ਪੰਜ ਦਰਿਆ ਪ੍ਰਦੂਸ਼ਣ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਵਿੱਚੋਂ ਤਿੰਨ ਸਭ ਤੋਂ ਵੱਧ ਪ੍ਰਦੂਸ਼ਿਤ ਸ਼੍ਰੇਣੀ ਵਿੱਚ ਹਨ।