ਚੰਡੀਗੜ੍ਹ, 13 ਫਰਵਰੀ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਵਿੱਚ ਮੁੱਦਿਆਂ 'ਤੇ ਸਹਿਮਤੀ ਨਹੀਂ ਬਣ ਸਕੀ ਜਿਸ ਕਰਕੇ ਕਿਸਾਨਾਂ ਨੇ ਸਵੇਰੇ 10 ਵਜੇ ਦਿੱਲੀ ਜਾਣ ਦਾ ਫੈਸਲਾ ਲਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲਾ ਅਤੇ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ ਸਗੋਂ ਡੰਗ ਟਪਾਊ ਨੀਤੀ ਅਪਣਾ ਰਹੀ ਹੈ ਜਿਸ ਕਰਕੇ ਕਿਸਾਨਾਂ ਨੂੰ ਮਜਬੂਰਨ ਦਿੱਲੀ ਵੱਲ ਕੂਚ ਕਰਨਾ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਕਰਨਾ ਚਾਹੁੰਦੇ ਪਰ ਸਰਕਾਰ ਦੇ ਮਨ ਵਿੱਚ ਖੋਟ ਹੈ। ਕਿਸਾਨ ਨੇਤਾ ਰਣਜੀਤ ਸਿੰਘ ਰਾਜੂ ਨੇ ਕਿਹਾ ਕਿ ਮੀਟਿੰਗ ਜਾਰੀ ਹੈ ਕਿਸੇ ਸਿੱਟੇ ਤੇ ਨਹੀਂ ਪੁੱਜੀ।ਉਨ੍ਹਾਂ ਕਿਹਾ ਕਿ ਸਾਰੇ ਬਿੰਦੂਆਂ 'ਤੇ ਚਰਚਾ ਹੋ ਰਹੀ ਹੈ ਪਰ ਗੱਲ ਨਹੀਂ ਬਣ ਰਹੀ। ਉਨ੍ਹਾਂ ਨੇ ਕਿਹਾ ਕਿ ਅਸਲ ਪੇਚ ਐੱਮਐੱਸਪੀ ਦੀ ਆਰਥਿਕਤਾ ਅਤੇ ਕਿਸਾਨਾਂ ਦੀ ਕਰਜ਼ਾ ਮੁਕਤੀ 'ਤੇ ਅੜਿਆ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਕਿਸਾਨ ਆਗੂ ਸਾਰੀਆ ਫ਼ਸਲਾਂ 'ਤੇ ਐੱਮਐੱਸਪੀ ਕਾਨੂੰਨ ਗਾਰੰਟੀ ਨੂੰ ਲੈ ਕੇ ਅੜੇ ਹੋਏ ਹਨ। ਪਤਾ ਲੱਗਿਆ ਹੈ ਕਿ ਕੇਂਦਰੀ ਮੰਤਰੀ ਐਮਐਸਪੀ ਨੂੰ ਲੈ ਕੇ ਇੱਕ ਕਮੇਟੀ ਬਣਾਉਣ ਦਾ ਪ੍ਰਸਤਾਵ ਦੇ ਰਹੇ ਹਨ ਜਿਸ ਵਿੱਚ ਕਿਸਾਨ ਆਗੂਆਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ ਪਰ ਖਬਰ ਲਿਖੇ ਜਾਣ ਤੱਕ ਇਸ ਮੁੱਦੇ ਤੇ ਪੇਚ ਫਸਿਆ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਟਿੱਕਰੀ ਤੇ ਸ਼ੰਭੂ ਬਾਰਡਰ 'ਤੇ ਲਗਾਏ ਗਏ ਮੋਰਚੇ ਮੌਕੇ ਦੇਸ਼ ਭਰ ਵਿੱਚ ਜਿਹੜੇ ਕਿਸਾਨਾਂ 'ਤੇ ਕੇਸ ਦਰਜ ਕੀਤੇ ਗਏ ਸਨ ਕੇਂਦਰ ਸਰਕਾਰ ਨੇ ਉਹ ਕੇਸ ਵਾਪਸ ਲੈਣ ਦਾ ਭਰੋਸਾ ਦਿੱਤਾ ਹੈ। ਇਸ ਮੁੱਦੇ ਤੇ ਸਹਿਮਤੀ ਲਗਭਗ ਬਣ ਗਈ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਵੀ ਕੇਂਦਰ ਨੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ 'ਤੇ ਸਹਿਮਤੀ ਪ੍ਰਗਟ ਕੀਤੀ ਹੈ। ਸਰਕਾਰੀ ਮੁਲਾਜ਼ਮਾਂ ਨੂੰ ਦਿੱਤੀ ਜਾਂਦੀ ਪੈਨਸ਼ਨ ਦੀ ਤਰਜ 'ਤੇ ਕਿਸਾਨਾਂ ਨੂੰ ਪੈਨਸ਼ਨ ਦੇਣ ਅਤੇ ਸਮੁੱਚੇ ਕਰਜ਼ੇ ਮਾਫ਼ ਕਰਨ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਰਹੀ । ਹਾਲਾਂਕਿ ਪਿਛਲੀ ਮੀਟਿੰਗ ਦੇ ਉਲਟ ਅੱਜ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਹਾਜ਼ਰ ਨਹੀਂ ਹੋਏ। ਉਨ੍ਹਾਂ ਦੀ ਥਾਂ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਹਨ। ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵੀ.ਕੇ.ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਕਿਸਾਨ ਜਥੇਬੰਦੀਆਂ ਦੀ ਤਰਫੋਂ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਰਮਨਦੀਪ ਮਾਨ ਆਦਿ ਵੀ ਹਾਜ਼ਰ ਹਨ।