ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 28 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ। ਇਸ ਮੌਕੇ ਹੈਲੀਕਾਪਟਰ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨਗਰ ਕੀਰਤਨ ’ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਉੱਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਗੁਰੂ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਸਭ ਦਾ ਪਰਮ ਧਰਮ ਕਰਤੱਵ ਹੈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਫੈਡਰੇਸ਼ਨ ਦੇ ਪ੍ਰਧਾਨ ਸ. ਕੰਵਰਚੜ੍ਹਤ ਸਿੰਘ, ਸ. ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੋਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਪਰਮਜੀਤ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਜਗਤਾਰ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਆਦਿ ਹਾਜ਼ਰ ਸਨ।

01

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ, ਜਿਸ ਦੇ ਭੋਗ 30 ਅਕਤੂਬਰ 2023 ਨੂੰ ਪਾਏ ਜਾਣਗੇ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਹਰ ਸਾਲ ਵੱਡੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਹੈ। ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਰਾਤ 7:00 ਵਜੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਰਾਗਾਂ ’ਤੇ ਅਧਾਰਿਤ ਕੀਰਤਨ ਰਾਹੀਂ ਹਾਜ਼ਰੀ ਭਰਨਗੇ। 30 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਰਾ ਦਿਨ ਧਾਰਮਿਕ ਦੀਵਾਨ ਸੱਜਣਗੇ ਅਤੇ ਕਵੀ ਦਰਬਾਰ ਹੋਵੇਗਾ। 30 ਅਕਤੂਬਰ ਨੂੰ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ ਅਤੇ ਰਾਤ ਨੂੰ ਸੁੰਦਰ ਦੀਪਮਾਲਾ ਵੀ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।