ਅਜਨਾਲਾ, 23 ਦਸੰਬਰ : ਅਜਨਾਲਾ ਦੇ ਪਿੰਡ ਭਿੰਡੀ ਸੈਦਾ ਵਿੱਚ ਪੁਲਿਸ ਨੇ ਨਾਕੇਬੰਦੀ ਦੌਰਾਨ 28 ਕਰੋੜ ਰੁਪਏ ਦੀ ਹੈਰੋਇਨ ਅਤੇ 20 ਜਿੰਦਾ ਕਾਰਤੂਸ ਫੜੇ ਗਏ ਹਨ, ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਪੁਲਿਸ ਨੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਭਿੰਡੀ ਸੈਦਾ ਥਾਣਾ ਇੰਚਾਰਜ ਅਗਿਆਪਾਲ ਸਿੰਘ ਨੇ ਦੱਸਿਆ ਕਿ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਸਬੰਧੀ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਨਾਕੇ ਲਾਏ ਗਏ ਹਨ। ਇਸੇ ਤਹਿਤ ਅੱਜ ਸਵੇਰੇ ਸ਼ਾਹਪੁਰ ਡਰੇਨ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ। ਨਾਕੇ ਦੌਰਾਨ ਦੇਖਿਆ ਕਿ ਇਕ ਨੌਜਵਾਨ ਬਾਈਕ ‘ਤੇ ਆ ਰਿਹਾ ਸੀ, ਜੋ ਪੁਲਿਸ ਨੂੰ ਦੇਖ ਕੇ ਪਿੱਛੇ ਹਟ ਗਿਆ। ਭੱਜਣ ਵੇਲੇ ਉਸ ਦੇ ਮੋਟਰਸਾਈਕਲ ਤੋਂ ਇੱਕ ਬੋਰੀ ਡਿੱਗੀ, ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 4 ਕਿੱਲੋ ਹੈਰੋਇਨ ਅਤੇ 20 ਜਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਕਈ ਮੁਲਜ਼ਮਾਂ ਕੋਲੋਂ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਪਰ ਇਹ ਪਹਿਲੀ ਵਾਰ ਹੈ ਕਿ ਇਸ ਇਲਾਕੇ ਵਿੱਚੋਂ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ ਫੜੀ ਗਈ ਹੈ। ਪੁਲਿਸ ਵੱਲੋਂ ਸ਼ੱਕ ਦੇ ਆਧਾਰ ’ਤੇ ਆਸਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।