- ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੀ ਸ਼ਰਧਾਂਜਲੀ ਭੇਟ
- ਕੱਲ੍ਹ ਨੂੰ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ ਅੰਤਿਮ ਸੰਸਕਾਰ
ਚੰਡੀਗੜ੍ਹ, 26 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਸੰਬੰਧੀ ਸ਼ਿਕਾਇਤ ਤੋਂ ਬਾਅਦ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 25 ਅਪ੍ਰੈਲ ਦੀ ਸ਼ਾਮ 7.42 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਰੱਖਿਆ ਗਿਆ ਹੈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪੁੱਜੇ ਹਨ। ਉਹਨਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ, ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਆਗੂ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ।