ਚੰਡੀਗੜ੍ਹ, 2 ਮਾਰਚ : ਪੰਜਾਬ ਦੇ 30 ਸਕੂਲਾਂ ਦੇ ਪ੍ਰਿੰਸੀਪਲ 4 ਮਾਰਚ ਨੂੰ ਸਿਖਲਾਈ ਲਈ ਸਿੰਗਾਪੁਰ ਜਾਣਗੇ। ਇਹ ਸਿਖਲਾਈ 11 ਮਾਰਚ ਤੱਕ ਚੱਲੇਗੀ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵੀਰਵਾਰ ਨੂੰ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਇਸ ਤੋਂ ਪਹਿਲਾਂ ਫਰਵਰੀ ਦੇ ਸ਼ੁਰੂ ਵਿੱਚ ਪ੍ਰਿੰਸੀਪਲਾਂ ਦਾ ਇੱਕ ਗਰੁੱਪ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਆਇਆ ਸੀ ਪਰ ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇਸ ਸਿਖਲਾਈ 'ਤੇ ਸਵਾਲ ਉਠਾਏ ਸਨ। ਉਨ੍ਹਾਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੁੱਛਿਆ ਸੀ ਕਿ ਉਥੇ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਕਿਸ ਆਧਾਰ ’ਤੇ ਕੀਤੀ ਗਈ ਸੀ।ਇਸ ਦੇ ਲਈ ਕੋਈ ਮੁਕਾਬਲਾ ਕਰਵਾਇਆ ਗਿਆ ਸੀ। ਹਾਲਾਂਕਿ ਸਰਕਾਰ ਨੇ ਇਸ ਬਾਰੇ ਅਜੇ ਤੱਕ ਆਪਣੀ ਸਥਿਤੀ ਸਪੱਸ਼ਟ ਨਹੀਂ ਕੀਤੀ ਹੈ। ਇਸ ਦੌਰਾਨ ਦੂਜਾ ਬੈਚ ਭੇਜਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਜ਼ਿਕਰਯੋਗ ਹੈ ਕਿ ਸੂਬੇ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਹੀ 'ਆਪ' ਨੇ ਐਲਾਨ ਕੀਤਾ ਸੀ ਕਿ ਜੇਕਰ ਪੰਜਾਬ 'ਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਅਧਿਆਪਕ ਪਾਣੀ ਦੀਆਂ ਟੈਂਕੀਆਂ 'ਤੇ ਨਹੀਂ ਚੜ੍ਹਨਗੇ ਸਗੋਂ ਟਰੇਨਿੰਗ ਲਈ ਵਿਦੇਸ਼ ਜਾਣਗੇ।