- ਸ੍ਰੀ ਹਰਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ
ਅੰਮ੍ਰਿਤਸਰ, 26 ਸਤੰਬਰ : ਸ੍ਰੀ ਹਰਮੰਦਰ ਸਾਹਿਬ ਵਿਖੇ ਅੱਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਪਸੀ ਕੋਈ ਵੀ ਮਤਭੇਦ ਨਹੀਂ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਸਮੱਸਿਆ ਸਬੰਧੀ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਵੀ ਹੋਈ ਹੈ। ਮੁੱਖ ਮੰਤਰੀ ਸੁੱਖੂ ਨੇ ਦੱਸਿਆ ਕਿ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਛੁਟਕਾਰਾ ਪਾਉਣ ਲਈ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ਾ ਕਾਰਨ ਹੋਈ ਭਾਰੀ ਤਬਾਹੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਅਜਿਹੀ ਤਬਾਹੀ ਦੇਖੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਮੇਹਰ ਸਦਕਾ ਹਿਮਾਚਲ ‘ਚ ਆਉਣ ਵਾਲੇ ਸੈਲਾਨੀਆਂ ਦਾ ਇਸ ਦੁਖਾਂਤ ਵਿੱਚ ਕੋਈ ਨੁਕਸਾਨ ਨਹੀਂ ਹੋਇਆ। ਮੁੱਖ ਮੰਤਰੀ ਸੁੱਖੂ ਨੇ ਦੁਖ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਕੁਦਰਤੀ ਤਬਾਹੀ ‘ਚ 450 ਲੋਕਾਂ ਦੀ ਜਾਨ ਗਈ ਹੈ ਅਤੇ 12 ਹਜ਼ਾਰ ਕਰੋੜ ਤੋਂ ਜਿਆਦਾ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਭਿਆਨਕ ਤਬਾਹੀ ਦੇ ਬਾਵਜੂਦ ਵੀ ਹਿਮਾਚਲੀ ਲੋਕਾਂ ਨੇ ਆਪਣੀ ਇੱਕਜੁਟਤਾ ਦਿਖਾਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੋਸ਼ਿਸ਼ ਹੈ ਕਿ ਪੇਂਡੂ ਖੇਤਰਾਂ ਦੀਆਂ ਟੁੱਟੀਆਂ ਸੜਕਾਂ ਦੀ ਜਲਦੀ ਮੁਰੰਮਤ ਕੀਤੀ ਜਾਵੇ ਪਰ ਇਸ ਵਿੱਚ ਕੁਝ ਸਮਾਂ ਲੱਗੇਗਾ। ਉਨ੍ਹਾਂ ਪੰਜਾਬ ਅਤੇ ਹਿਮਾਚਲ ‘ਚ ਵੱਧ ਰਹੀ ਨਸ਼ੇ ਦੀ ਸਮੱਸਿਆ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਸੀ। ਦੋਵੇਂ ਸਰਕਾਰਾਂ ਸਖ਼ਤ ਕਦਮ ਚੁੱਕ ਰਹੀਆਂ ਹਨ। ਨੌਜਵਾਨ ਚਾਹੇ ਕਿਸੇ ਵੀ ਦੇਸ਼ ਦੇ ਹੋਣ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਾਡੀ ਜ਼ਿੰਮੇਵਾਰੀ ਹੈ ਅਤੇ ਦੋਵੇਂ ਸਰਕਾਰਾਂ ਇਸ ਪਾਸੇ ਕੰਮ ਕਰ ਰਹੀਆਂ ਹਨ। ਪੰਜਾਬ ਤੋਂ ਹਿਮਾਚਲ ਜਾਣ ਵਾਲੇ ਸੈਲਾਨੀਆਂ ਵੱਲੋਂ ਝੜਪਾਂ ਅਤੇ ਝੰਡੇ ਉਤਾਰਨ ਦੀਆਂ ਘਟਨਾਵਾਂ ਬਾਰੇ ਸੁੱਖੂ ਨੇ ਕਿਹਾ ਕਿ ਹਰ ਪਾਸੇ ਸ਼ਰਾਰਤੀ ਅਨਸਰ ਮੌਜੂਦ ਹਨ। ਸਾਰੇ ਧਰਮਾਂ ਨੂੰ ਆਪਣੇ ਝੰਡੇ ਲਗਾਉਣ ਅਤੇ ਕਿਤੇ ਵੀ ਪੂਜਾ ਕਰਨ ਦਾ ਹੱਕ ਹੈ। ਜਦੋਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਨੌਜਵਾਨ ਭਾਵੇਂ ਪੰਜਾਬ ਦਾ ਹੋਵੇ ਜਾਂ ਹਿਮਾਚਲ ਦਾ, ਹਮਲਾਵਰ ਹੋ ਜਾਂਦਾ ਹੈ। ਨੌਜਵਾਨਾਂ ਨੂੰ ਇਸ ਤੋਂ ਬਚਣਾ ਚਾਹੀਦਾ ਹੈ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਪੰਜਾਬ ਨੂੰ ਵੱਡਾ ਭਰਾ ਦੱਸਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਹਿਮਾਚਲ ਪੰਜਾਬ ਦਾ ਹਿੱਸਾ ਸੀ ਅਤੇ ਫਿਰ ਪਹਾੜੀ ਰਿਆਸਤਾਂ ਨੂੰ ਮਿਲਾ ਕੇ ਹਿਮਾਚਲ ਬਣਾਇਆ ਗਿਆ।