ਰਾਜਪੁਰਾ, 2 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਦੇਸ਼ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉੱਭਰਿਆ ਹੈ ਅਤੇ ਹਰ ਖੇਤਰ ਵਿੱਚ ਵਿਆਪਕ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ। ਜੇ.ਐਸ.ਡਬਲਯੂ ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਦੇ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ 247 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇਸ ਨਾਲ 600 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਜ਼ੀਰੋ ਲਿਕਵਿਡ ਡਿਸਚਾਰਜ ਪਲਾਂਟ ਹੈ, ਜੋ ਨਾ ਤਾਂ ਪਾਣੀ ਅਤੇ ਨਾ ਹੀ ਹਵਾ ਨੂੰ ਪ੍ਰਦੂਸ਼ਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਾਰੋਬਾਰੀਆਂ ਦਾ ਸੰਤਾਂ, ਪੀਰਾਂ ਤੇ ਫ਼ਕੀਰਾਂ ਦੀ ਧਰਤੀ 'ਤੇ ਸਵਾਗਤ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਉਦਯੋਗ-ਪੱਖੀ ਨੀਤੀ ਕਾਰਨ ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਅਨੁਕੂਲ ਸਥਾਨ ਵਜੋਂ ਉੱਭਰਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਉਦਯੋਗਪਤੀਆਂ ਦੀ ਮਜ਼ਬੂਤ ਸਾਂਝ ਨੇ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਉਨ੍ਹਾਂ ਦਾ ਸਭ ਤੋਂ ਪਹਿਲਾ ਅਤੇ ਮੁੱਖ ਕੰਮ ਲੋਕਾਂ ਦੀਆਂ ਸਮੱਸਿਆਵਾਂ, ਪੇਚੀਦਗੀਆਂ ਬਾਰੇ ਚੰਗੀ ਤਰ੍ਹਾਂ ਜਾਣੂੰ ਹੋਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੰਤਵ ਬਦਲਦੀਆਂ ਉਮੀਦਾਂ ਅਤੇ ਨਵੀਆਂ ਚੁਣੌਤੀਆਂ ਨਾਲ ਤਾਲਮੇਲ ਕਾਇਮ ਰੱਖਣਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਸੂਬੇ ਵਿੱਚ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆ ਕੇ ਦੇਸ਼ ਦੇ ਭਵਿੱਖ ਨੂੰ ਉੱਜਵਲ ਬਣਾਉਣ ਦਾ ਰਾਹ ਚੁਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਖਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜ਼ਿੰਦਗੀ ਵਿੱਚ ਕੁਝ ਵੱਡਾ ਕਰਨਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਯਕੀਨ ਹੈ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਲੋਕਾਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀਆਂ ਲਿਆਉਣ ਲਈ ਪੰਜਾਬ ਦੀ ਅਗਵਾਈ ਕਰਨ ਦਾ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਾਰੋਬਾਰਾਂ ਅਤੇ ਨਿਵੇਸ਼ਕਾਂ ਦੀ ਸਹਾਇਤਾ ਲਈ ਕਈ ਨੀਤੀਆਂ ਅਤੇ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬਾ ਆਰਥਿਕ ਵਿਕਾਸ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ 2022 ਦਾ ਮੰਤਵ ਆਉਣ ਵਾਲੇ ਪੰਜ ਸਾਲਾਂ ਵਿੱਚ ਵੱਡੇ ਨਿਵੇਸ਼ ਨੂੰ ਆਕਰਸ਼ਿਤ ਕਰਨਾ ਅਤੇ ਵੱਧ ਤੋਂ ਵੱਧ ਰੋਜ਼ਗਾਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਨਵੇਂ ਐਮ. ਐਸ. ਐਮ. ਈਜ਼., ਵੱਡੀਆਂ ਇਕਾਈਆਂ, ਸਟਾਰਟ-ਅੱਪ ਅਤੇ ਹੋਰਾਂ ਨੂੰ ਵਿਸਥਾਰ ਅਤੇ ਨਿਵੇਸ਼ ਵਾਸਤੇ ਮੁਕਾਬਲਾ ਆਧਾਰਤ ਵਿਕਾਸ ਦਾ ਮੌਕਾ ਪ੍ਰਦਾਨ ਕਰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਉਪਰਾਲੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਹਨ। ਮੁੱਖ ਮੰਤਰੀ ਨੇ ਇਸ ਅਹਿਮ ਪ੍ਰੋਜੈਕਟ 'ਤੇ ਕੰਮ ਸ਼ੁਰੂ ਕਰਨ ਲਈ ਗਰੁੱਪ ਨੂੰ ਵਧਾਈ ਦਿੰਦੇ ਹੋਏ ਇਸ ਨੇਕ ਕੰਮ ਵਿੱਚ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਸ ਕੰਪਨੀ ਵੱਲੋਂ ਸੂਬੇ ਵਿੱਚ ਕੀਤੇ ਗਏ ਵੱਡੇ ਨਿਵੇਸ਼ਾਂ ਵਿੱਚੋਂ ਇੱਕ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਕੀਤੇ ਨਿਵੇਸ਼ ਨਾਲ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਤੋਂ ਬਹੁਤ ਲਾਭ ਮਿਲੇਗਾ, ਜੋ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੱਕਾਰੀ ਪ੍ਰੋਜੈਕਟ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਅਜਿਹੇ ਹੋਰ ਪ੍ਰੋਜੈਕਟ ਲੱਗਣਗੇ। ਉਦਘਾਟਨੀ ਸਮਾਰੋਹ ਵਿੱਚ ਸ਼ਰਦ ਮਹਿੰਦਰਾ ਜੇਐਸਡਬਲਯੂ ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਡਾਇਰੈਕਟਰ ਅਤੇ ਸੀਈਓ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਅਤੇ ਵਿਧਾਇਕ ਰਾਜਪੁਰਾ ਨੀਨਾ ਮਿੱਤਲ ਦੇ ਨਾਲ ਏ ਵੇਣੂ ਪ੍ਰਸਾਦ, ਦਲੀਪ ਕੁਮਾਰ ਪ੍ਰਿੰਸੀਪਲ ਸਕੱਤਰ, ਕੇਕੇ ਯਾਦਵ ਸੀਈਓ ਇਨਵੈਸਟ ਪੰਜਾਬ, ਆਈਜੀ ਮੁਖਵਿੰਦਰ ਸਿੰਘ ਛੀਨਾ, ਡੀਸੀ ਸਾਕਸ਼ੀ ਸਾਹਨੀ, ਐਸਐਸਪੀ ਵਰੁਣ ਸ਼ਰਮਾ ਅਤੇ ਹੋਰ ਉਦਯੋਗਪਤੀ ਅਤੇ ਵਪਾਰੀ ਵੀ ਹਾਜ਼ਰ ਸਨ।