ਚੰਡੀਗੜ੍ਹ, 17 ਜੁਲਾਈ 2024 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਬਿੱਲ ਤਹਿਤ ਸੂਬੇ ਦੀਆਂ 12 ਸਟੇਟ ਯੂਨੀਵਰਸਿਟੀਆਂ ਦੇ ਚਾਂਸਲਰ ਦੀਆਂ ਸ਼ਕਤੀਆਂ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀਆਂ ਗਈਆਂ ਸਨ। ਹਾਲਾਂਕਿ ਉਕਤ ਬਿੱਲ ਵਾਪਸ ਲਏ ਜਾਣ ਕਾਰਨ ਰਾਜਪਾਲ ਹੁਣ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਇਸ ਸਬੰਧੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜੇ ਗਏ ਤਿੰਨ ਬਿੱਲਾਂ ਵਿੱਚੋਂ ਇਹ ਬਿੱਲ ਵਾਪਸ ਭੇਜ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਨੇ ਭਾਰਤੀ ਸੰਵਿਧਾਨ ਦੀ ਧਾਰਾ 200 ਤਹਿਤ ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ ਤਿੰਨੋਂ ਬਿੱਲ ਭਾਰਤ ਦੇ ਰਾਸ਼ਟਰਪਤੀ ਲਈ ਰਾਖਵੇਂ ਰੱਖੇ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023, ਪੰਜਾਬ ਪੁਲਿਸ ਸੋਧ ਬਿੱਲ ਅਤੇ ਸਿੱਖ ਗੁਰਦੁਆਰਾ ਸੋਧ ਬਿੱਲ ਰਾਸ਼ਟਰਪਤੀ ਨੂੰ ਭੇਜੇ ਸਨ। ਇਹ ਬਿੱਲ ਲੰਬੇ ਸਮੇਂ ਤੋਂ ਪੈਂਡਿੰਗ ਸੀ ਕਿਉਂਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜੂਨ 2023 ਦੇ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਫਿਰ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਅਦਾਲਤ ਦੇ ਹੁਕਮਾਂ 'ਤੇ ਸੈਸ਼ਨ ਦੌਰਾਨ ਪਾਸ ਕੀਤੇ ਗਏ ਸਾਰੇ ਬਿੱਲਾਂ ਨੂੰ ਜਾਇਜ਼ ਕਰਾਰ ਦੇ ਕੇ ਫੈਸਲਾ ਲਿਆ ਗਿਆ। ਇਸ ਤੋਂ ਬਾਅਦ ਰਾਜਪਾਲ ਨੇ ਪੰਜਾਬ ਐਫੀਲੀਏਟਿਡ ਕਾਲਜ ਸਰਵਿਸ ਦੇ ਸੁਰੱਖਿਆ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਯਾਦ ਰਹੇ ਕਿ ਪਿਛਲੇ ਸਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਡੈੱਡਲਾਕ ਹੋ ਗਿਆ ਸੀ। ਇਸ ਤੋਂ ਬਾਅਦ ਇਸ ਬਿੱਲ ਨੂੰ ਪੰਜਾਬ ਵਿਧਾਨ ਸਭਾ ਨੇ ਪਾਸ ਕਰ ਦਿੱਤਾ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ਬਿੱਲ ਤਹਿਤ ਸੂਬੇ ਦੀਆਂ 11 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਹੈ। ਸਦਨ ਵਿੱਚ ਪਾਸ ਕੀਤੇ ਗਏ ਬਿੱਲ ਲਈ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਐਕਟ 1961, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਐਕਟ 1969, ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਐਕਟ 2019, ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਪੰਜਾਬ ਐਕਟ 2020, ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਸ਼ਾਮਲ ਹਨ। ਯੂਨੀਵਰਸਿਟੀ ਐਕਟ 1996, ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਐਕਟ 2021, ਸਰਕਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਐਕਟ 2021, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਐਕਟ 1998, ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਪੰਜਾਬ ਐਕਟ 2009, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਐਕਟ 2019 ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀਜ਼ ਐਕਟ 2005 ਦੀ ਧਾਰਾ 9 ਵਿੱਚ ਸੋਧ ਕੀਤੀ ਗਈ ਸੀ। ਚਾਂਸਲਰ ਹੋਣ ਦੇ ਨਾਤੇ ਮੁੱਖ ਮੰਤਰੀ ਇਨ੍ਹਾਂ ਯੂਨੀਵਰਸਿਟੀਆਂ ਵਿੱਚ ਵਾਈਸ ਚਾਂਸਲਰ ਨਿਯੁਕਤ ਕਰ ਸਕਦੇ ਹਨ। ਇੰਨ੍ਹਾਂ ਬਿੱਲਾਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਉਸ ਦੌਰਾਨ ਕਈ ਵਾਰ ਤਲਖੀ ਭਰੀ ਬਿਆਨਬਾਜ਼ੀ ਵੀ ਦੇਖਣ ਨੂੰ ਮਿਲੀ ਸੀ। ਇਸ ਦੇ ਚੱਲਦਿਆਂ ਹੀ ਜਦੋਂ ਰਾਜਪਾਲ ਨੇ ਸੈਸ਼ਨ ਨੂੰ ਗੈਰ ਕਾਨੂੰਨੀ ਦੱਸਦਿਆਂ ਬਿੱਲ ਪਾਸ ਨਹੀਂ ਕੀਤੇ ਤਾਂ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।