ਚੰਡੀਗੜ੍ਹ, 16 ਮਾਰਚ : ਅੱਜ ਇਲੈਕਸ਼ਨ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਕੀਤੇ ਐਲਾਨ ਦੇ ਤਹਿਤ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਨਤੀਜੇ ਆਉਣਗੇ। ਦੱਸ ਦਈਏ ਕਿ ਪੰਜਾਬ ਵਿੱਚ ਕੁਲ 13 ਲੋਕ ਸਭਾ ਸੀਟਾਂ ਹਨ। ਇਸ ਦੇ ਨਾਲ ਹੀ ਕਮਿਸ਼ਨ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਦੀਆਂ ਗਤੀਵਿਧੀਆਂ 'ਤੇ ਵਿਸ਼ੇਸ਼ ਨਜ਼ਰ ਰੱਖ ਰਿਹਾ ਹੈ। ਸੂਬੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੱਡੀ ਗਿਣਤੀ 'ਚ ਪੁਲਿਸ ਅਤੇ ਸੁਰੱਖਿਆ ਬਲ ਦੇ ਜਵਾਨ ਵੀ ਤਾਇਨਾਤ ਰਹਿਣਗੇ। ਚੋਣ ਕਮਿਸ਼ਨ ਦੀ ਟੀਮ ਸੂਬੇ ਦੇ ਸਾਰੇ ਪੋਲਿੰਗ ਕੇਂਦਰਾਂ 'ਤੇ ਪ੍ਰਸ਼ਾਸਨ ਰਾਹੀਂ ਸਖ਼ਤ ਨਜ਼ਰ ਰੱਖੇਗੀ। ਪੰਜਾਬ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਤਰਜ਼ 'ਤੇ ਜ਼ਿਆਦਾਤਰ ਸੀਟਾਂ 'ਤੇ ਮੌਜੂਦਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਸੂਬਾ ਸਰਕਾਰ ਦੇ ਮੌਜੂਦਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਪਾਰਟੀ ਨੇ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆ 'ਤੇ ਭਰੋਸਾ ਜਤਾਇਆ ਹੈ। ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਟਿਕਟ ਦਿੱਤੀ ਗਈ ਹੈ। ਬਲਬੀਰ ਸਿੰਘ ਪਟਿਆਲਾ ਸੀਟ ਤੋਂ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਫ਼ਰੀਦਕੋਟ ਤੋਂ ਕਰਮਜੀਤ ਅਨਮੋਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ 'ਤੇ ਭਰੋਸਾ ਪ੍ਰਗਟਾਇਆ ਗਿਆ ਹੈ। ਇਸ ਤੋਂ ਇਲਾਵਾ ਕਿਸੇ ਵੀ ਹੋਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਨਹੀ ਕੀਤਾ ਗਿਆ।