
ਚੰਡੀਗੜ੍ਹ, 2 ਮਈ 2025 : ਪੰਜਾਬ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਹਾਲਾਂਕਿ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਚੱਲ ਰਹੀਆਂ ਹਵਾਵਾਂ ਨੇ ਗਰਮੀ ਨੂੰ ਥੋੜ੍ਹਾ ਘਟਾ ਦਿੱਤਾ ਹੈ। ਬੀਤੀ ਰਾਤ ਚੱਲੀਆਂ ਤੇਜ਼ ਹਵਾਵਾਂ ਤੇ ਹਲਕੀ ਬਾਰਿਸ਼ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਅਲਰਟ ਜਾਰੀ ਕੀਤਾ ਹੈ। 5 ਮਈ ਤੱਕ ਤੇਜ਼ ਹਵਾਵਾਂ, ਬਿਜਲੀ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ ਹੈ। ਬੀਤੀ ਰਾਤ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਚੱਲੀ ਅਤੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਪਿਆ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਹਵਾ ਦੀ ਗਤੀ 80 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋ ਸਕਦੀ ਹੈ। ਇਹ ਸਥਿਤੀ ਫਸਲਾਂ, ਕੱਚੇ ਘਰਾਂ, ਰੁੱਖਾਂ ਅਤੇ ਬਿਜਲੀ ਦੀਆਂ ਤਾਰਾਂ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।