ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਐਲਾਨਿਆ ਉਮੀਦਵਾਰ

  • ਕਾਂਗਰਸ ਅਤੇ ‘ਆਪ‘ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਕਰ ਚੁੱਕੇ ਹਨ ਐਲਾਨ
  • ਬੀਜੇਪੀ ਨੇ ਹਾਲੇ ਤੱਕ ਆਪਣਾ ਉਮੀਦਵਾਰ ਨਹੀਂ ਉਤਾਰਿਆ ਮੈਦਾਨ ‘ਚ

ਚੰਡੀਗੜ੍ਹ, 17 ਅਪ੍ਰੈਲ 2025 : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀ ਵੱਧਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਹੈ। ਉਹ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਪੂਰਵ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਆਪਣੇ ਉਮੀਦਵਾਰਾਂ ਦਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ। ਕਾਂਗਰਸ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਉਮੀਦਵਾਰ ਵੱਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ‘ਆਪ‘ ਨੇ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਘਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਖ਼ਾਲੀ ਹੋ ਗਈ ਸੀ। ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਇਲੈਕਸ਼ਨ ਕਮਿਸ਼ਨ ਵੱਲੋਂ ਹਾਲੇ ਤੱਕ ਲੁਧਿਆਣਾ ਪੱਛਮੀ ਚੋਣ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।