ਚੰਡੀਗੜ੍ਹ, 11 ਫ਼ਰਵਰੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਇਸ ਸਾਲ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਪੂਰੀ ਕਰਨ ਜਾ ਰਹੀ ਹੈ। ਮਾਰਚ ਦੇ ਪਹਿਲੇ ਹਫ਼ਤੇ ਪੇਸ਼ ਹੋਣ ਵਾਲੇ ਭਗਵੰਤ ਮਾਨ ਸਰਕਾਰ ਦੇ ਪਹਿਲੇ ਰੈਗੂਲਰ ਬਜਟ ਵਿੱਚ ਇਸ ਸਕੀਮ ਲਈ ਵਿਵਸਥਾ ਕੀਤੀ ਜਾਵੇਗੀ। ਵਿੱਤ ਵਿਭਾਗ ਦੇ ਸੂਤਰਾਂ ਅਨੁਸਾਰ ਸਾਲ 2023-24 ਦੇ ਬਜਟ ਵਿੱਚ ਇਸ ਦੇ ਲਈ 12, 000 ਕਰੋੜ ਰੁਪਏ ਦੀ ਵਿਵਸਥਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਸਕੀਮ ਇਸ ਸਾਲ ਅਗਸਤ ਮਹੀਨੇ ਤੋਂ ਲਾਗੂ ਕੀਤੀ ਜਾਵੇਗੀ।ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਵਿਆਹੀਆਂ ਅਤੇ ਅਣਵਿਆਹੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ, ਤਾਂ ਜੋ ਔਰਤਾਂ ਆਪਣੀ ਮਰਜ਼ੀ ਅਨੁਸਾਰ ਖਰਚ ਕਰ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਮਦਦ ਵੀ ਮੁਹੱਈਆ ਕਰਵਾਈ ਜਾ ਸਕੇ।ਆਮ ਆਦਮੀ ਪਾਰਟੀ ਪੰਜਾਬ ਦੇ ਸੂਤਰਾਂ ਅਨੁਸਾਰ ਪਿਛਲੇ ਸਾਲ ਤੋਂ ਇਸ ਸਕੀਮ ਨੂੰ ਆਪਣੇ ਪੱਧਰ 'ਤੇ ਤਿਆਰ ਕਰਦੇ ਹੋਏ ਸਰਕਾਰ ਨੇ ਯੋਗ ਔਰਤਾਂ ਦਾ ਜ਼ਿਲ੍ਹਾ ਪੱਧਰੀ ਡਾਟਾ ਇਕੱਠਾ ਕੀਤਾ ਹੈ, ਜਿਸ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਇਸ ਸਕੀਮ ਨੂੰ ਅਗਸਤ 2023 ਤੋਂ ਲਾਗੂ ਕਰ ਦਿੱਤਾ ਜਾਵੇਗਾ।