ਸੁਪਰੀਮ ਕੋਰਟ ਦੀ ਪੰਜਾਬ ਸਰਕਾਰ ਨੂੰ ਸਪੱਸ਼ਟ ਚਿਤਾਵਨੀ, ਕਿਹਾ : ਡੱਲੇਵਾਲ ਨਾਲ ਕੁਝ ਵੀ ਅਣਸੁਖਾਵਾਂ ਹੁੰਦਾ ਹੈ ਤਾਂ ਸੂਬੇ ਦੀ ਸਮੁੱਚੀ ਮਸ਼ੀਨਰੀ ਜ਼ਿੰਮੇਵਾਰ ਹੋਵੇਗੀ

ਚੰਡੀਗੜ੍ਹ, 18 ਦਸੰਬਰ 2024 :  ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 23 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕਈ ਅੰਗ ਫੇਲ ਹੋਣ ਦਾ ਖਤਰਾ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਚੱਲਦੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੁਝ ਵੀ ਅਣਸੁਖਾਵਾਂ ਹੁੰਦਾ ਹੈ ਤਾਂ ਉਸ ਲਈ ਸੂਬੇ ਦੀ ਸਮੁੱਚੀ ਮਸ਼ੀਨਰੀ ਜ਼ਿੰਮੇਵਾਰ ਹੋਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਵੀ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਉਸ ਨੂੰ ਡਾਕਟਰੀ ਸਹਾਇਤਾ ਦੇਣ ਲਈ ਕਿਹਾ ਹੈ। ਪੰਜਾਬ ਦੇ ਵਕੀਲਾਂ ਨੇ ਸੁਪਰੀਮ ਕੋਰਟ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮੈਡੀਕਲ ਟੈਸਟ ਲਈ ਤਿਆਰ ਨਹੀਂ ਹਨ। ਜਦਕਿ ਉਹ ਕੈਂਸਰ ਦੇ ਮਰੀਜ਼ ਵੀ ਹਨ। ਜਿਸ ’ਤੇ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਬਹੁਤ ਹੀ ਅਹਿਮ ਹੈ। ਸਾਲਿਸਟਰ ਜਨਰਲ ਨੇ ਕਿਹਾ ਕਿ ਜੇਕਰ ਉਨ੍ਹਾਂ ਕੁਝ ਵੀ ਹੁੰਦਾ ਹੈ ਤਾਂ ਮੁਸ਼ਕਿਲ ਹੋ ਜਾਵੇਗੀ। ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਜੇਕਰ ਕਿਸਾਨ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੇ ਸਾਹਮਣੇ ਨਹੀਂ ਜਾਣਾ ਚਾਹੁੰਦੇ ਹਨ ਤਾਂ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਸੁਪਰੀਮ ਕੋਰਟ ਉਨ੍ਹਾਂ ਦੀਆਂ ਗੱਲ੍ਹਾਂ ਸੁਣਨ ਦੇ ਲਈ ਤਿਆਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਬਚਾਉਣ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਜੋ ਵੀ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ, ਸੂਬਾ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।