ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿੱਚ ਮੰਗਲਵਾਰ ਦੀ ਦੇਰ ਰਾਤ ਮੁਕਤਸਰ- ਕੋਟਕਪੂਰਾ ਰੋਡ ਬਾਈਪਾਸ ਤੇ ਇੱਕ ਦਰਦਨਾਕ ਹਾਦਸੇ ਵਿੱਚ 2 ਨੌਜ਼ਵਾਨਾਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇੱਕ 'ਮੋਟਰਸਾਈਕਲ ’ਤੇ 3 ਨੌਜਵਾਨ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਜਾ ਰਹੇ ਸੀ ਜਦੋਂ ਉਹ ਕੋਟਕਪੂਰਾ ਰੋਡ ’ਤੇ ਪਹੁੰਚੇ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਤਿੰਨਾਂ ਨੌਜਵਾਨਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੋਟਰਸਾਇਕਲ ਸਵਾਰ ਨੌਜਵਾਨਾਂ ਨੂੰ ਪੀਪਲ ਪੰਪ ਤੋਂ ਡਾ. ਕੇਅਰ ਸਿੰਘ ਚੌਂਕ ਤੱਕ ਘੜੀਸਦਾ ਲੈ ਕੇ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕੋਰੀਅਰ ਸਰਵਿਸ ਦਾ ਕੰਮ ਕਰਦੇ ਸਨ। ਮ੍ਰਿਤਕ ਨੌਜਵਾਨਾਂ ਦਾ ਨਾਂ ਭਾਰਤ ਕੁਮਾਰ ਪੁੱਤਰ ਅਮਿਤ ਕੁਮਾਰ, ਹਰਨੂਰ ਸਿੰਘ ਪੁੱਤਰ ਸੋਮਾ ਸਿੰਘ ਹੈ ਤੇ ਇਹ ਨੌਜਵਾਨ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਨ। ਜਖ਼ਮੀ ਨੌਜਵਾਨ ਅਰੁਣ ਰਾਜ ਪੁੱਤਰ ਅਮਰੀਕ ਸਿੰਘ ਹੈ ਜੋ ਕਿ ਮੋਟਰਸਾਇਕਲ ਤੇ ਸਵਾਰ ਹੋ ਕੇ ਆਪਣੇ ਘਰ ਵਾਪਸ ਜਾ ਰਹੇ ਸੀ ਕਿ ਇਸ ਦੌਰਾਨ ਸਾਹਮਣੇ ਤੋਂ ਆ ਰਹੇ ਟਰੱਕ ਨੇ ਮੋਟਰਸਾਇਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਐਸਐਚਓ ਮਲਕੀਤ ਸਿੰਘ ਨੇ ਦੱਸਿਆ ਕਿ ਟਰਾਲੇ ਨੂੰ ਕਬਜ਼ੇ ਦੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਐਚਓ ਮਲਕੀਤ ਸਿੰਘ ਨੇ ਦੱਸਿਆ ਕਿ ਟਰਾਲੇ ਦੇ ਚਾਲਕ ਦੀ ਲਾਪਰਵਾਹੀ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ ਜਿਸ ਦੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਈ ਹੈ ਤੇ ਇੱਕ ਨੌਜਵਾਨ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਿਆ ਹੈ।