ਮੋਗਾ : ਭਾਰਤ ਸਰਕਾਰ ਦੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਰੈਸਟ ਹਾਊਸ ਵਿਖੇ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ, ਐਸ ਡੀ ਐਮ ਮੋਗਾ ਸ੍ਰ ਰਾਮ ਸਿੰਘ, ਐੱਸ ਡੀ ਐੱਮ ਧਰਮਕੋਟ ਸ਼੍ਰੀਮਤੀ ਚਾਰੁਮਿਤਾ, ਸਹਾਇਕ ਕਮਿਸ਼ਨਰ ਸ਼੍ਰੀ ਸੁਜਾਵਲ ਜੱਗਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੀ ਸ਼ੁਰੂਆਤ ਵਿਚ ਹੀ ਉਹਨਾਂ ਇਸ ਗੱਲ ਦੀ ਵਧਾਈ ਦਿੱਤੀ ਕਿ ਪੂਰੇ ਦੇਸ਼ ਦੇ 112 ਐਸਪੀਰੇਸ਼ਨਲ ਡਿਸਟ੍ਰਿਕਟਾਂ ਵਿੱਚੋਂ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬਿਹਤਰ ਹੈ। ਮੌਜੂਦਾ ਸਮੇਂ ਮੋਗਾ ਦੀ ਦਰਜਾਬੰਦੀ 26 ਹੈ। ਜਿਹੜੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ ਉਸ ਵਿਚ ਜ਼ਿਲ੍ਹਾ ਮੋਗਾ ਪੂਰਾ ਉਤਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ 2018 ਵਿਚ ਸ਼ੁਰੂ ਕੀਤਾ ਗਿਆ ਸੀ ਜਿਸ ਅਧੀਨ ਹੁਣ ਤੱਕ ਜ਼ਿਲ੍ਹਾ ਮੋਗਾ ਨੂੰ 9 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਹ ਰਾਸ਼ੀ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਅਤੇ ਵਿੱਤੀ ਕੰਮਾਂ ਉੱਤੇ ਖਰਚੀ ਜਾ ਰਹੀ ਹੈ। ਉਹਨਾਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੂੰ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਸਕਿੱਲ, ਸਿਹਤ, ਪੇਂਡੂ ਵਿਕਾਸ, ਮੱਛੀ ਤੇ ਪਸ਼ੂ ਪਾਲਣ, ਆਂਗਨਵਾੜੀ ਅਤੇ ਪੌਲੀ ਹਾਊਸ ਤਕਨੀਕ ਦੇ ਵਿਕਾਸ ਲਈ ਹੋਰ ਜ਼ਿਆਦਾ ਕੰਮ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸ ਲਈ ਵਿਸਥਾਰ ਸਹਿਤ ਪ੍ਰਸਤਾਵ ਭੇਜੇ ਜਾਣ ਤਾਂ ਜੋ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਮੋਗਾ ਨੂੰ ਹੋਰ ਫੰਡ ਭੇਜੇ ਜਾ ਸਕਣ। ਉਹਨਾਂ ਭਰੋਸਾ ਦਿੱਤਾ ਕਿ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਮੋਗਾ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਨੂੰ ਪੂਰੇ ਦੇਸ਼ ਦਾ ਢਿੱਡ ਭਰਨ ਲਈ ਜਾਣਿਆ ਜਾਂਦਾ ਹੈ। ਜ਼ਿਲ੍ਹਾ ਮੋਗਾ ਵਿੱਚ ਹਰੇਕ ਬੱਚੇ ਨੂੰ ਨਿਊਟਰੀਸ਼ਨ ਸਕਿਉਰਟੀ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਲੋਕ ਹਿਤ ਵਿੱਚ ਲਈ ਯੋਜਨਾਵਾਂ ਸ਼ੁਰੂ ਕੀਤੀਆਂ ਹੋਈਆਂ ਹਨ ਜਿੰਨਾ ਦਾ ਆਮ ਲੋਕਾਂ ਨੂੰ ਪੂਰਾ ਲਾਭ ਨਹੀਂ ਮਿਲਦਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਹਰ ਹੀਲਾ ਵਰਤਣਾ ਚਾਹੀਦਾ ਹੈ। ਉਹਨਾਂ ਸੁਨਹਿਰੇ ਭਵਿੱਖ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਕਿੱਲਡ ਕਰਨ ਉੱਤੇ ਜ਼ੋਰ ਦਿੱਤਾ। ਇਸ ਤੋਂ ਬਾਅਦ ਉਹਨਾਂ ਪਿੰਡ ਜਨੇਰ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਉਥੇ ਨਸ਼ਾ ਛੱਡਣ ਵਾਲੇ ਲੋਕਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਹਨਾਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੇਠਾਂ ਜਾਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿੱਚੋਂ ਬਾਹਰ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। ਵਾਤਾਵਰਨ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਮੋਗਾ ਵਿੱਚ ਨੀਤੀ ਆਯੋਗ ਦੇ ਹੁਕਮਾਂ ਤਹਿਤ ਸਾਰੇ ਇੰਡੀਕੇਟਰਾਂ ਨੂੰ ਪੂਰਾ ਕਰਨ ਲਈ ਹਰ ਉਪਰਾਲਾ ਕੀਤਾ ਜਾਵੇਗਾ।