ਚੰਡੀਗੜ੍ਹ, 25 ਜਨਵਰੀ : ਪੰਜਾਬ ਵਿੱਚ ਕੜਾਕੇ ਦੀ ਠੰਢ ਦਾ ਦੌਰ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਠੰਡੇ ਦਿਨ ਅਤੇ ਕੜਾਕੇ ਦੀ ਠੰਡ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 24 ਘੰਟਿਆਂ ਦੌਰਾਨ 26 ਜਨਵਰੀ (ਦੁਪਹਿਰ 2 ਵਜੇ) ਤੱਕ ਪੰਜਾਬ ਦੇ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ SDMA ਨੇ ਲੋਕਾਂ ਨੂੰ ਠੰਡ ਤੋਂ ਬਚਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਪੰਜਾਬ ਐਸਡੀਐਮਏ ਨੇ ਕਿਹਾ ਕਿ ਕੜਾਕੇ ਦੀ ਠੰਢ ਵਿੱਚ ਬੱਚਿਆਂ ਅਤੇ ਬਜ਼ੁਰਗਾਂ ਨੂੰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ। ਜਿੰਨਾ ਸੰਭਵ ਹੋ ਸਕੇ ਘਰ ਦੇ ਅੰਦਰ ਰਹੋ, ਧੁੰਦ ਦੌਰਾਨ ਘੱਟ ਤੋਂ ਘੱਟ ਸਫਰ ਕਰੋ ਅਤੇ ਸਰਦੀਆਂ ਦੇ ਢੁਕਵੇਂ ਕੱਪੜੇ ਪਾਓ। ਜੇਕਰ ਤੁਹਾਨੂੰ ਬੁਖਾਰ, ਸਿਰ ਦਰਦ ਅਤੇ ਜ਼ੁਕਾਮ ਦੇ ਨਾਲ ਸਾਹ ਲੈਣ ਵਿੱਚ ਤਕਲੀਫ ਮਹਿਸੂਸ ਹੋਵੇ ਤਾਂ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰੋ। ਅੰਗੀਠੀ ਅਤੇ ਹੀਟਰ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹੋ, ਕਿਉਂਕਿ ਇਹ ਆਮ ਤੌਰ ‘ਤੇ ਆਕਸੀਜਨ ਦੀ ਕਮੀ ਦਾ ਕਾਰਨ ਬਣਦੇ ਹਨ। ਦੱਸ ਦਈਏ ਕਿ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਮੋਹਾਲੀ ਦੇ ਤਾਪਮਾਨ ‘ਚ 5.1 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪਠਾਨਕੋਟ ਵਿੱਚ 4.6 ਡਿਗਰੀ, ਰੋਪੜ ਵਿੱਚ 4.5 ਡਿਗਰੀ ਅਤੇ ਬਰਨਾਲਾ ਵਿੱਚ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਅੰਮ੍ਰਿਤਸਰ ‘ਚ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋਕਿ ਨਾ-ਮਾਤਰ ਮੰਨੀ ਜਾਂਦੀ ਹੈ, ਜਦਕਿ ਗੁਰਦਾਸਪੁਰ ‘ਚ 1.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।